ਆਲਾ ਦੁਆਲਾ ਸਾਫ਼ ਰੱਖਣ ਬਾਰੇ ਪੱਤਰ
ਕਿਸੇ ਅਖ਼ਬਾਰ ਦੇ ਸੰਪਾਦਕ ਨੂੰ ਪੱਤਰ ਲਿਖ ਕੇ ਆਲਾ-ਦੁਆਲਾ ਸਾਫ਼-ਸੁਥਰਾ ਰੱਖਣ ਦੇ ਮਹੱਤਵ ਬਾਰੇ ਆਪਣੇ ਵਿਚਾਰ ਪ੍ਰਗਟਾਓ।
ਸੇਵਾ ਵਿਖੇ
ਸੰਪਾਦਕ ਸਾਹਿਬ,
ਰੋਜ਼ਾਨਾ ‘ਪੰਜਾਬੀ ਟ੍ਰਿਬਿਊਨ’,
ਚੰਡੀਗੜ੍ਹ।
ਵਿਸ਼ਾ : ਆਲੇ-ਦੁਆਲੇ ਨੂੰ ਸਾਫ਼-ਸੁਥਰਾ ਰੱਖਣਾ।
ਸ੍ਰੀਮਾਨ ਜੀ,
ਇਸ ਪੱਤਰ ਰਾਹੀਂ ਮੈਂ ਆਲੇ-ਦੁਆਲੇ ਨੂੰ ਸਾਫ਼-ਸੁਥਰਾ ਰੱਖਣ ਬਾਰੇ ਆਪਣੇ ਵਿਚਾਰ ਤੁਹਾਡੇ ਪਾਠਕਾਂ ਨਾਲ ਸਾਂਝੇ ਕਰਨਾ ਚਾਹੁੰਦਾ ਹਾਂ। ਸਫ਼ਾਈ ਦਾ ਸਾਡੇ ਜੀਵਨ ਵਿੱਚ ਬਹੁਤ ਮਹੱਤਵ ਹੈ। ਅਸੀਂ ਜਿੱਥੇ ਰਹਿੰਦੇ ਹਾਂ ਉਸ ਦੇ ਆਲੇ-ਦੁਆਲੇ ਨੂੰ ਸਾਫ਼-ਸੁਥਰਾ ਰੱਖਣਾ ਸਾਡੇ ਲਈ ਬਹੁਤ ਜ਼ਰੂਰੀ ਹੈ। ਅਜਿਹਾ ਕਰ ਕੇ ਅਸੀਂ ਨਾ ਕੇਵਲ ਆਪ ਹੀ ਬਿਮਾਰੀਆਂ ਤੋਂ ਬਚ ਸਕਦੇ ਹਾਂ ਸਗੋਂ ਆਲੇ-ਦੁਆਲੇ ਦੇ ਵਾਤਾਵਰਨ ਨੂੰ ਵੀ ਸਾਫ਼-ਸੁਥਰਾ ਬਣਾਉਣ ਵਿੱਚ ਸਹਾਈ ਹੁੰਦੇ ਹਾਂ। ਸਾਨੂੰ ਆਪਣੇ ਘਰ ਵਿੱਚ ਹੀ ਸਫ਼ਾਈ ਦਾ ਧਿਆਨ ਨਹੀਂ ਰੱਖਣਾ ਚਾਹੀਦਾ ਸਗੋਂ ਘਰ ਦੇ ਬਾਹਰ ਨਾਲੀਆਂ ਅਤੇ ਗਲੀਆਂ ਆਦਿ ਦੀ ਸਫ਼ਾਈ ਵੱਲ ਵੀ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ।
ਦੇਖਣ ਵਾਲੀ ਗੱਲ ਇਹ ਹੁੰਦੀ ਹੈ ਕਿ ਨਾਲੀਆਂ ਸਾਫ਼ ਰਹਿਣ ਅਤੇ ਗਲੀਆਂ ਵਿੱਚ ਗੰਦਗੀ ਦੇ ਢੇਰ ਨਾ ਲੱਗਣ। ਜੇਕਰ ਸਫ਼ਾਈ ਕਰਮਚਾਰੀ ਆਪਣੀ ਡਿਊਟੀ ਤੋਂ ਕੁਤਾਹੀ ਕਰਦਾ ਹੈ ਤਾਂ ਇਸ ਦੀ ਸੂਚਨਾ ਉੱਚ ਅਧਿਕਾਰੀਆਂ ਨੂੰ ਦਿੱਤੀ ਜਾਣੀ ਚਾਹੀਦੀ ਹੈ। ਇਸ ਸੰਬੰਧ ਵਿੱਚ ਸਾਨੂੰ ਨਿੱਜੀ ਪੱਧਰ ‘ਤੇ ਵੀ ਉੱਦਮ ਕਰਨੇ ਚਾਹੀਦੇ ਹਨ। ਸਾਨੂੰ ਘਰਾਂ ਦਾ ਕੂੜਾ ਆਦਿ ਨਿਸ਼ਚਤ ਥਾਂਵਾਂ ‘ਤੇ ਹੀ ਸੁੱਟਣਾ ਚਾਹੀਦਾ ਹੈ। ਜੇਕਰ ਫਿਰ ਵੀ ਗਲੀ-ਮੁਹੱਲੇ ਵਿੱਚ ਕਿਸੇ ਕਾਰਨ ਗੰਦਗੀ ਇਕੱਠੀ ਹੁੰਦੀ ਹੈ ਤਾਂ ਇਸ ਨੂੰ ਚੁਕਵਾਉਣ ਦੇ ਉਪਰਾਲੇ ਕਰਨੇ ਚਾਹੀਦੇ ਹਨ। ਗੰਦਗੀ ਦੇ ਢੇਰ ‘ਤੇ ਡੀ.ਡੀ. ਟੀ. ਧੂੜ ਦੇਣ ਨਾਲ ਅਸੀਂ ਕਈ ਬਿਮਾਰੀਆਂ ਤੋਂ ਬਚ ਸਕਦੇ ਹਾਂ। ਸਾਡੇ ਆਲੇ-ਦੁਆਲੇ ਦੀਆਂ ਨੀਵੀਆਂ ਥਾਂਵਾਂ ‘ਤੇ ਇਕੱਠੇ ਹੋਏ ਪਾਣੀ ਦੇ ਨਿਕਾਸ ਦਾ ਵੀ ਪ੍ਰਬੰਧ ਕਰਨ ਦੀ ਜ਼ਰੂਰਤ ਹੁੰਦੀ ਹੈ। ਅਜਿਹਾ ਨਾ ਕਰਨ ‘ਤੇ ਮੱਛਰ ਪੈਦਾ ਹੋਣ ਕਾਰਨ ਬਿਮਾਰੀ ਫੈਲਣ ਦਾ ਡਰ ਹੁੰਦਾ ਹੈ।
ਭਾਵੇਂ ਸਾਨੂੰ ਆਪਣੇ ਆਲੇ-ਦੁਆਲੇ ਦੀ ਸਫ਼ਾਈ ਦਾ ਹਰ ਸਮੇਂ ਹੀ ਧਿਆਨ ਰੱਖਣਾ ਚਾਹੀਦਾ ਹੈ ਪਰ ਬਰਸਾਤ ਦੇ ਦਿਨਾਂ ਵਿੱਚ ਇਸ ਪਾਸੇ ਹੋਰ ਵੀ ਜ਼ਿਆਦਾ ਧਿਆਨ ਦੇਣ ਦੀ ਲੋੜ ਹੁੰਦੀ ਹੈ ਕਿਉਂਕਿ ਇਸ ਮੌਸਮ ਵਿੱਚ ਮੱਖੀਆਂ ਅਤੇ ਮੱਛਰਾਂ ਤੋਂ ਬਿਮਾਰੀ ਫੈਲਣ ਦੀ ਜ਼ਿਆਦਾ ਸੰਭਾਵਨਾ ਹੁੰਦੀ ਹੈ। ਜੇਕਰ ਅਸੀਂ ਨਿੱਜੀ ਤੌਰ ‘ਤੇ ਆਪਣੇ ਆਲੇ-ਦੁਆਲੇ ਨੂੰ ਸਾਫ਼-ਸੁਥਰਾ ਰੱਖਣ ਵੱਲ ਧਿਆਨ ਦਈਏ ਤਾਂ ਕਈ ਬਿਮਾਰੀਆਂ ਨੂੰ ਫੈਲਣ ਤੋਂ ਰੋਕਿਆ ਜਾ ਸਕਦਾ ਹੈ।
ਆਸ ਹੈ ਤੁਸੀਂ ਇਸ ਪੱਤਰ ਨੂੰ ਛਾਪ ਕੇ ਇਹਨਾਂ ਵਿਚਾਰਾਂ ਨੂੰ ਪਾਠਕਾਂ ਤੱਕ ਪਹੁੰਚਾਉਣ ਵਿੱਚ ਮਦਦ ਕਰੋਗੇ ਤਾਂ ਜੋ ਲੋਕ ਆਪਣੇ ਆਲ਼ੇ- ਦੁਆਲੇ ਨੂੰ ਸਾਫ਼-ਸੁਥਰਾ ਰੱਖਣ ਦੇ ਮਹੱਤਵ ਨੂੰ ਜਾਣ ਸਕਣ।
ਧੰਨਵਾਦ ਸਹਿਤ,
ਤੁਹਾਡਾ ਵਿਸ਼ਵਾਸਪਾਤਰ,
ਅਮਰਜੀਤ ਸਿੰਘ
325/7, ਅਜੀਤ ਨਗਰ,
……………..ਸ਼ਹਿਰ।
ਮਿਤੀ : …………..