ਚਤਰ ਸਿੰਘ ਦਾ ਵਿਦਰੋਹ
ਪ੍ਰਸ਼ਨ. ਹਜ਼ਾਰਾ ਦੇ ਚਤਰ ਸਿੰਘ ਦੇ ਵਿਦਰੋਹ ਬਾਰੇ ਤੁਸੀਂ ਕੀ ਜਾਣਦੇ ਹੋ?
ਉੱਤਰ : ਸਰਦਾਰ ਚਤਰ ਸਿੰਘ ਅਟਾਰੀਵਾਲਾ ਹਜ਼ਾਰਾ ਦਾ ਨਾਜ਼ਿਮ ਸੀ। ਉਸ ਦੀ ਲੜਕੀ ਮਹਾਰਾਜਾ ਦਲੀਪ ਸਿੰਘ ਨਾਲ ਮੰਗੀ ਹੋਈ ਸੀ। ਅੰਗਰੇਜ਼ ਇਸ ਰਿਸ਼ਤੇ ਦੇ ਵਿਰੁੱਧ ਸਨ ਕਿਉਂਕਿ ਇਸ ਨਾਲ ਸਿੱਖਾਂ ਦੀ ਰਾਜਨੀਤਿਕ ਤਾਕਤ ਵੱਧ ਜਾਣੀ ਸੀ। ਇਹ ਤਾਕਤ ਅੰਗਰੇਜ਼ਾਂ ਦੀ ਪੰਜਾਬ ਨੂੰ ਹੜੱਪਣ ਦੀ ਨੀਤੀ ਦੇ ਰਾਹ ਵਿੱਚ ਰੋੜਾ ਅਟਕਾ ਸਕਦੀ ਸੀ। ਕੈਪਟਨ ਐਬਟ ਜਿਸ ਨੂੰ ਸਰਦਾਰ ਚਤਰ ਸਿੰਘ ਦਾ ਸਲਾਹਕਾਰ ਨਿਯੁਕਤ ਕੀਤਾ ਗਿਆ ਸੀ, ਸਿੱਖ ਰਾਜ ਨੂੰ ਤਬਾਹ ਕਰਨ ਦੀ ਯੋਜਨਾ ਤਿਆਰ ਕਰ ਰਿਹਾ ਸੀ। ਉਸ ਦੁਆਰਾ ਭੜਕਾਏ ਗਏ ਹਜ਼ਾਰਾ ਦੇ ਮੁਸਲਮਾਨਾਂ ਨੇ 6 ਅਗਸਤ, 1848 ਈ. ਨੂੰ ਸਰਦਾਰ ਚਤਰ ਸਿੰਘ ਦੀ ਰਿਹਾਇਸ਼ਗਾਹ ‘ਤੇ ਹਮਲਾ ਕਰ ਦਿੱਤਾ। ਇਹ ਵੇਖ ਕੇ ਸਰਦਾਰ ਚਤਰ ਸਿੰਘ ਨੇ ਕਰਨਲ ਕੈਨੋਰਾ ਨੂੰ ਵਿਦਰੋਹੀਆਂ ਵਿਰੁੱਧ ਕਾਰਵਾਈ ਕਰਨ ਦਾ ਹੁਕਮ ਦਿੱਤਾ। ਕਰਨਲ ਕੈਨੋਰਾ ਜੋ ਕੈਪਟਨ ਐਬਟ ਨਾਲ ਮਿਲਿਆ ਹੋਇਆ ਸੀ, ਨੇ ਚਤਰ ਸਿੰਘ ਦੇ ਹੁਕਮ ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ। ਉਸ ਨੇ ਆਪਣੀ ਪਿਸਤੌਲ ਨਾਲ ਗੋਲੀਆਂ ਚਲਾ ਕੇ ਦੋ ਸਿੱਖ ਸਿਪਾਹੀਆਂ ਨੂੰ ਮਾਰ ਦਿੱਤਾ। ਉਸ ਸਮੇਂ ਇੱਕ ਸਿੱਖ ਸਿਪਾਹੀ ਨੇ ਅੱਗੇ ਵੱਧ ਕੇ ਆਪਣੀ ਤਲਵਾਰ ਨਾਲ ਕੈਨੋਰਾ ਦਾ ਕੰਮ ਤਮਾਮ ਕਰ ਦਿੱਤਾ। ਜਦੋਂ ਇਸ ਘਟਨਾ ਦੀ ਖ਼ਬਰ ਐਬਟ ਨੂੰ ਪਹੁੰਚੀ ਤਾਂ ਉਹ ਗੁੱਸੇ ਨਾਲ ਅੱਗ ਬਬੂਲਾ ਹੋ ਗਿਆ। ਉਸ ਨੇ ਸਰਦਾਰ ਚਤਰ ਸਿੰਘ ਨੂੰ ਉਸ ਦੇ ਅਹੁਦੇ ਤੋਂ ਹਟਾ ਦਿੱਤਾ ਅਤੇ ਉਸ ਦੀ ਜਾਗੀਰ ਜ਼ਬਤ ਕਰ ਲਈ। ਇਸ ਕਾਰਨ ਸਰਦਾਰ ਚਤਰ ਸਿੰਘ ਦਾ ਖ਼ੂਨ ਉਬਲ ਗਿਆ ਤੇ ਉਸ ਨੇ ਅੰਗਰੇਜ਼ਾਂ ਵਿਰੁੱਧ ਬਗ਼ਾਵਤ ਕਰਨ ਦਾ ਐਲਾਨ ਕਰ ਦਿੱਤਾ।