ਪ੍ਰਸ਼ਨ. ਮੁਲਤਾਨ ਦੇ ਦੀਵਾਨ ਮੁਲਰਾਜ ਦੇ ਵਿਦਰੋਹ ‘ਤੇ ਇੱਕ ਸੰਖੇਪ ਨੋਟ ਲਿਖੋ।
ਉੱਤਰ : ਦੀਵਾਨ ਮੂਲਰਾਜ ਨੂੰ 1844 ਈ. ਵਿੱਚ ਮੁਲਤਾਨ ਦਾ ਨਵਾਂ ਗਵਰਨਰ ਨਿਯੁਕਤ ਕੀਤਾ ਗਿਆ ਸੀ। ਉਹ ਲਗਭਗ ਸਾਢੇ 13 ਲੱਖ ਰੁਪਏ (13.5 ਲੱਖ ਰੁਪਏ) ਸਾਲਾਨਾ ਲਗਾਨ ਵਜੋਂ ਲਾਹੌਰ ਦਰਬਾਰ ਨੂੰ ਦਿੰਦਾ ਸੀ। ਬਾਅਦ ਵਿੱਚ ਇਹ ਰਕਮ ਵਧਾ ਕੇ ਲਗਭਗ 20 ਲੱਖ ਰੁਪਏ ਸਾਲਾਨਾ ਕਰ ਦਿੱਤੀ ਗਈ। ਪਰ ਇਸ ਦੇ ਨਾਲ ਹੀ ਉਸ ਦੇ ਰਾਜ ਦਾ ਤੀਜਾ ਹਿੱਸਾ ਉਸ ਕੋਲੋਂ ਲੈ ਲਿਆ ਗਿਆ। ਸਿੱਟੇ ਵਜੋਂ ਦੀਵਾਨ ਮੂਲਰਾਜ ਨੇ ਗਵਰਨਰੀ ਦੇ ਅਹੁਦੇ ਤੋਂ ਆਪਣਾ ਅਸਤੀਫ਼ਾ ਦੇ ਦਿੱਤਾ। ਮਾਰਚ, 1848 ਈ. ਵਿੱਚ ਨਵੇਂ ਰੈਜ਼ੀਡੈਂਟ ਫਰੈਡਰਿਕ ਕਰੀ ਨੇ ਮੂਲਰਾਜ ਦਾ ਅਸਤੀਫ਼ਾ ਸਵੀਕਾਰ ਕਰ ਲਿਆ। ਉਸ ਨੇ ਕਾਹਨ ਸਿੰਘ ਨੂੰ ਮੁਲਤਾਨ ਦਾ ਨਵਾਂ ਗਵਰਨਰ ਨਿਯੁਕਤ ਕਰਨ ਦਾ ਫੈਸਲਾ ਕੀਤਾ। ਉਸ ਦੀ ਸਹਾਇਤਾ ਲਈ ਦੋ ਅੰਗਰੇਜ਼ ਅਫ਼ਸਰਾਂ ਐਗਨਿਯੂ ਅਤੇ ਐਂਡਰਸਨ ਨੂੰ ਭੇਜਿਆ ਗਿਆ। ਮੂਲਰਾਜ ਨੇ ਬਿਨਾਂ ਕਿਸੇ ਵਿਰੋਧ ਦੇ 19 ਅਪਰੈਲ, 1848 ਈ. ਨੂੰ ਕਿਲ੍ਹੇ ਦੀਆਂ ਚਾਬੀਆਂ ਕਾਹਨ ਸਿੰਘ ਦੇ ਹਵਾਲੇ ਕਰ ਦਿੱਤੀਆਂ। ਪਰ 20 ਅਪਰੈਲ ਨੂੰ ਮੂਲਰਾਜ ਦੇ ਸਿਪਾਹੀਆਂ ਨੇ ਦੋਨੋਂ ਅੰਗਰੇਜ਼ ਅਫ਼ਸਰਾਂ ਦਾ ਕਤਲ ਕਰ ਦਿੱਤਾ ਅਤੇ ਮੂਲਰਾਜ ਨੂੰ ਅੰਗਰੇਜ਼ਾਂ ਵਿਰੁੱਧ ਵਿਦਰੋਹ ਦੀ ਅਗਵਾਈ ਕਰਨ ਲਈ ਮਜਬੂਰ ਕੀਤਾ। ਅੰਗਰੇਜ਼ਾਂ ਨੇ ਇਸ ਵਿਦਰੋਹ ਨੂੰ ਕੁਚਲਣ ਦੀ ਬਜਾਏ ਉਸ ਨੂੰ ਫੈਲਣ ਦਿੱਤਾ ਤਾਂ ਕਿ ਉਨ੍ਹਾਂ ਨੂੰ ਲਾਹੌਰ ਦਰਬਾਰ ‘ਤੇ ਹਮਲਾ ਕਰਨ ਦਾ ਬਹਾਨਾ ਮਿਲ ਸਕੇ।