ਪੈਰਾ ਰਚਨਾ : ਬੇਟੀ ਬਚਾਓ, ਬੇਟੀ ਪੜ੍ਹਾਓ
ਔਰਤਾਂ ‘ਤੇ ਹੋ ਰਹੇ ਜ਼ੁਲਮਾਂ ਤੇ ਮਾੜੀ ਸੋਚ ਨੇ ਭਰੂਣ ਹੱਤਿਆ ਨੂੰ ਜਨਮ ਦਿੱਤਾ ਹੈ। ਸਮਾਜ ਗਵਾਹ ਹੈ ਕਿ ਅੱਜ ਦੇ ਜ਼ਮਾਨੇ ਵਿੱਚ ਕੁੜੀਆਂ ਨੇ ਮੁੰਡਿਆਂ ਨਾਲੋਂ ਕਿਤੇ ਵੱਧ ਤਰੱਕੀ ਕਰ ਲਈ ਹੈ। ਕੁੜੀਆਂ ਨੇ ਜੀਵਨ ਦੇ ਹਰ ਖੇਤਰ ਵਿੱਚ ਜਿੱਤਾਂ ਤੇ ਪ੍ਰਾਪਤੀਆਂ ਦੇ ਮਾਣ-ਮੱਤੇ ਝੰਡੇ ਗੱਡੇ ਹਨ, ਪਰ ਫਿਰ ਵੀ ਸਾਡੀ ਸੋਚ ਸੌੜੀ ਹੈ। 22 ਜਨਵਰੀ, 2015 ਨੂੰ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ‘ਬੇਟੀ ਬਚਾਓ, ਬੇਟੀ ਪੜ੍ਹਾਓ’ ਅਭਿਆਨ ਦੀ ਸ਼ੁਰੂਆਤ ਕੀਤੀ। ਇਸ ਦੇ ਅੰਤਰਗਤ ਕੁੜੀਆਂ ਲਈ ਪੜ੍ਹਾਈ ਸਬੰਧੀ ਯੋਜਨਾਵਾਂ ਸ਼ੁਰੂ ਕੀਤੀਆਂ ਗਈਆਂ। ਆਖਰ ਇਸ ਅਭਿਆਨ ਦੀ ਲੋੜ ਕਿਉਂ ਪਈ? ਗੁਰੂ ਨਾਨਕ ਸਾਹਿਬ ਨੇ ਤਾਂ ਇੱਥੋਂ ਤੱਕ ਕਿਹਾ ਸੀ ਕਿ “ਸੋ ਕਿਉ ਮੰਦਾ ਆਖੀਐ ਜਿਤੁ ਜੰਮਹਿ ਰਾਜਾਨ’, ਪਰ ਕਿਸੇ ਨੇ ਇਸ ‘ਤੇ ਅਮਲ ਨਹੀਂ ਕੀਤਾ। ‘ਬੇਟੀ ਬਚਾਓ, ਬੇਟੀ ਪੜ੍ਹਾਓ’ ਅਭਿਆਨ ਦਾ ਮੂਲ ਮਕਸਦ ਬੇਟੀਆਂ ਨੂੰ ਬਚਾਉਣਾ, ਪੜ੍ਹਾਉਣਾ ਤੇ ਉਹਨਾਂ ਦੀ ਸੁਰੱਖਿਆ ਯਕੀਨੀ ਬਣਾਉਣਾ ਹੈ, ਕਿਉਂਕਿ ਔਰਤ ਪ੍ਰਤੀ ਸਾਡੀ ਸੋਚ ਤੇ ਉਸ ‘ਤੇ ਹੋ ਰਹੇ ਜ਼ੁਲਮਾਂ ਕਾਰਨ ਮਾਦਾ ਭਰੂਣ ਹੱਤਿਆ ਵਰਗੀ ਬੁਰਾਈ ਨੇ ਜਨਮ ਲਿਆ, ਜੋ ਦਿਨੋਂ-ਦਿਨ ਗੰਭੀਰ ਹੁੰਦੀ ਗਈ। ਸਿੱਟੇ ਵਜੋਂ ਕੁੜੀਆਂ ਦੀ ਅਨੁਪਾਤ ਮੁੰਡਿਆਂ ਦੇ ਮੁਕਾਬਲੇ ਬਹੁਤ ਹੀ ਘਟ ਗਈ, ਜੋ ਕਿ ਆਉਣ ਵਾਲੇ ਸਮੇਂ ਵਿੱਚ ਚਿੰਤਾ ਦਾ ਵਿਸ਼ਾ ਸੀ। ਤੇ ਇਸ ਨਾਲ ਹੀ ‘ਬੇਟੀ ਪੜ੍ਹਾਓ’ ਦਾ ਨਾਅਰਾ ਵੀ ਬੇਟੀਆਂ ਨੂੰ ਪੜ੍ਹਾ-ਲਿਖਾ ਕੇ ਸਵੈ-ਨਿਰਭਰ ਬਣਾਉਣਾ ਤੇ ਨਰੋਏ ਸਮਾਜ ਦੀ ਸਿਰਜਣਾ ਕਰਨਾ ਹੈ। ਇਸ ਲਈ ਸਾਨੂੰ ਸਾਰਿਆਂ ਨੂੰ ਆਪਣੀ ਸੋਚ ‘ਚ ਤਬਦੀਲੀ ਕਰਨ ਦੀ ਲੋੜ ਹੈ।