ਅਣਡਿੱਠਾ ਪੈਰਾ – ਦੂਸਰਾ ਐਂਗਲੋ – ਸਿੱਖ ਯੁੱਧ


ਨੋਟ : ਹੇਠ ਲਿਖੇ ਪੈਰੇ ਨੂੰ ਧਿਆਨ ਨਾਲ ਪੜ੍ਹੋ ਅਤੇ ਉਸ ਦੇ ਅੰਤ ਵਿੱਚ ਦਿੱਤੇ ਗਏ ਪ੍ਰਸ਼ਨਾਂ ਦੇ ਉੱਤਰ ਦਿਓ :

ਦੂਸਰੇ ਐਂਗਲੋ-ਸਿੱਖ ਯੁੱਧ ਨੂੰ ਆਰੰਭ ਕਰਨ ਵਿੱਚ ਮੁਲਤਾਨ ਦੇ ਦੀਵਾਨ ਮੂਲਰਾਜ ਦੇ ਵਿਦਰੋਹ ਨੂੰ ਵਿਸ਼ੇਸ਼ ਸਥਾਨ ਪ੍ਰਾਪਤ ਹੈ। ਮੁਲਤਾਨ ਸਿੱਖ-ਰਾਜ ਦਾ ਇੱਕ ਸੂਬਾ ਸੀ। 1844 ਈ. ਵਿੱਚ ਇੱਥੋਂ ਦੇ ਨਾਜ਼ਿਮ (ਗਵਰਨਰ) ਸਾਵਨ ਮਲ ਦੀ ਮੌਤ ਤੋਂ ਬਾਅਦ ਉਸ ਦੇ ਪੁੱਤਰ ਮੂਲਰਾਜ ਨੂੰ ਮੁਲਤਾਨ ਦਾ ਨਵਾਂ ਨਾਜ਼ਿਮ ਬਣਾਇਆ ਗਿਆ। ਇਸ ਮੌਕੇ ‘ਤੇ ਅੰਗਰੇਜ਼ ਰੈਜ਼ੀਡੈਂਟ ਨੇ ਮੁਲਤਾਨ ਸੂਬੇ ਦੁਆਰਾ ਲਾਹੌਰ ਦਰਬਾਰ ਨੂੰ ਦਿੱਤਾ ਜਾਣ ਵਾਲਾ ਸਾਲਾਨਾ ਲਗਾਨ 13,47,000 ਰੁਪਏ ਤੋਂ ਵਧਾ ਕੇ 19,71,500 ਰੁਪਏ ਕਰ ਦਿੱਤਾ। 1846 ਈ. ਵਿੱਚ ਇਸ ਨੂੰ ਵਧਾ ਕੇ 30 ਲੱਖ ਕਰ ਦਿੱਤਾ ਗਿਆ। ਦੂਜੇ ਪਾਸੇ ਅੰਗਰੇਜ਼ਾਂ ਨੇ ਮੁਲਤਾਨ ਵਿੱਚ ਵਿਕਣ ਵਾਲੀਆਂ ਕੁਝ ਜ਼ਰੂਰੀ ਵਸਤਾਂ ਤੋਂ ਕਰ ਹਟਾ ਲਿਆ ਅਤੇ ਮੁਲਤਾਨ ਦਾ 1/3 ਹਿੱਸਾ ਵੀ ਵਾਪਸ ਲੈ ਲਿਆ। ਇਨ੍ਹਾਂ ਕਾਰਨਾਂ ਕਰਕੇ ਦੀਵਾਨ ਮੂਲਰਾਜ ਸਰਕਾਰ ਨੂੰ ਵਧਿਆ ਹੋਇਆ ਲਗਾਨ ਨਹੀਂ ਦੇ ਸਕਦਾ ਸੀ। ਇਸ ਸੰਬੰਧੀ ਉਸ ਨੇ ਬ੍ਰਿਟਿਸ਼ ਸਰਕਾਰ ਨੂੰ ਕਈ ਵਾਰ ਕਿਹਾ ਪਰ ਉਹ ਨਾ ਮੰਨੀ। ਅੰਤ ਮਜਬੂਰ ਹੋ ਕੇ ਦਸੰਬਰ, 1847 ਈ. ਨੂੰ ਦੀਵਾਨ ਮੂਲਰਾਜ ਨੇ ਆਪਣਾ ਅਸਤੀਫ਼ਾ ਦੇ ਦਿੱਤਾ।ਮਾਰਚ, 1848 ਈ. ਵਿੱਚ ਨਵੇਂ ਰੈਜ਼ੀਡੈਂਟ ਫ਼ਰੈਡਰਿਕ ਕਰੀ ਨੇ ਸਰਦਾਰ ਕਾਹਨ ਸਿੰਘ ਨੂੰ ਮੁਲਤਾਨ ਦਾ ਨਵਾਂ ਨਾਜ਼ਿਮ ਨਿਯੁਕਤ ਕਰਨ ਦਾ ਫੈਸਲਾ ਕੀਤਾ। ਮੂਲਰਾਜ ਤੋਂ ਚਾਰਜ ਲੈਣ ਲਈ ਕਾਹਨ ਸਿੰਘ ਦੇ ਨਾਲ ਦੋ ਅੰਗਰੇਜ਼ ਅਫਸਰਾਂ ਵੈਨਸ ਐਗਨਿਯੂ ਅਤੇ ਐਂਡਰਸਨ ਨੂੰ ਭੇਜਿਆ ਗਿਆ। ਮੂਲਰਾਜ ਨੇ ਉਨ੍ਹਾਂ ਦਾ ਚੰਗਾ हे ਸਵਾਗਤ ਕੀਤਾ। 19 ਅਪਰੈਲ ਨੂੰ ਮੂਲਰਾਜ ਨੇ ਕਿਲ੍ਹੇ ਦੀਆਂ ਚਾਬੀਆਂ ਕਾਹਨ ਸਿੰਘ ਦੇ ਹਵਾਲੇ ਕਰ ਦਿੱਤੀਆਂ। ਪਰ ਅਗਲੇ ਦਿਨ 20 ਅਪਰੈਲ ਨੂੰ ਮੂਲਰਾਜ ਦੇ ਕੁਝ ਸਿਪਾਹੀਆਂ ਨੇ ਹਮਲਾ ਕਰਕੇ ਦੋਹਾਂ ਅੰਗਰੇਜ਼ ਅਫਸਰਾਂ ਨੂੰ ਕਤਲ ਕਰ ਦਿੱਤਾ ਅਤੇ ਕਾਹਨ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ। ਫ਼ਰੈਡਰਿਕ ਕਰੀ ਨੇ ਮੁਲਤਾਨ ਦੇ ਵਿਦਰੋਹ ਦੀ ਸਾਰੀ ਜ਼ਿੰਮੇਵਾਰੀ ਮੂਲਰਾਜ ਦੇ ਸਿਰ ਪਾਈ।


ਪ੍ਰਸ਼ਨ 1. ਦੀਵਾਨ ਮੂਲਰਾਜ ਨੂੰ ਕਦੋਂ ਮੁਲਤਾਨ ਦਾ ਨਵਾਂ ਨਾਜ਼ਿਮ ਨਿਯੁਕਤ ਕੀਤਾ ਗਿਆ ਸੀ?

ਪ੍ਰਸ਼ਨ 2. ਦੀਵਾਨ ਮੂਲਰਾਜ ਨੇ ਕਿਨ੍ਹਾਂ ਦੋ ਕਾਰਨਾਂ ਕਰਕੇ ਆਪਣਾ ਅਸਤੀਫ਼ਾ ਦਿੱਤਾ ਸੀ?

ਪ੍ਰਸ਼ਨ 3. 1848 ਈ. ਵਿੱਚ ਰੈਜ਼ੀਡੈਂਟ ਫ਼ਰੈਡਰਿਕ ਕਰੀ ਨੇ ਕਿਸ ਨੂੰ ਮੁਲਤਾਨ ਦਾ ਨਵਾਂ ਨਾਜ਼ਿਮ ਨਿਯੁਕਤ ਕੀਤਾ?

ਪ੍ਰਸ਼ਨ 4. ਅੰਗਰੇਜ਼ਾਂ ਨੇ ਕਿਹੜੇ ਦੋ ਅਫ਼ਸਰਾਂ ਦੇ ਕਤਲ ਦੀ ਜ਼ਿੰਮੇਵਾਰੀ ਦੀਵਾਨਮੂਲਰਾਜ ‘ਤੇ ਪਾਈ?