ਅਣਡਿੱਠਾ ਪੈਰਾ : ਪੰਜਾਬ ਦੇ ਇਤਿਹਾਸਿਕ ਸੋਮੇ
ਨੋਟ : ਹੇਠ ਲਿਖੇ ਪੈਰੇ ਨੂੰ ਧਿਆਨ ਨਾਲ ਪੜ੍ਹੋ ਅਤੇ ਉਸ ਦੇ ਅੰਤ ਵਿੱਚ ਦਿੱਤੇ ਗਏ ਪ੍ਰਸ਼ਨਾਂ ਦੇ ਉੱਤਰ ਦਿਓ :
ਭਾਈ ਗੁਰਦਾਸ ਜੀ ਗੁਰੂ ਅਮਰਦਾਸ ਜੀ ਦੇ ਭਰਾ ਦਾਤਾਰ ਚੰਦ ਭੱਲਾ ਦੇ ਪੁੱਤਰ ਸਨ। ਉਹ ਗੁਰੂ ਅਰਜਨ ਦੇਵ ਜੀ ਅਤੇ ਗੁਰੂ ਹਰਿਗੋਬਿੰਦ ਜੀ ਦੇ ਸਮਕਾਲੀ ਸਨ। ਉਹ ਇੱਕ ਉੱਚ-ਕੋਟੀ ਦੇ ਕਵੀ ਸਨ। ਉਨ੍ਹਾਂ ਨੇ 39 ਵਾਰਾਂ ਦੀ ਰਚਨਾ ਕੀਤੀ। ਇਨ੍ਹਾਂ ਵਾਰਾਂ ਨੂੰ ਗੁਰੂ ਗ੍ਰੰਥ ਸਾਹਿਬ ਦੀ ਕੁੰਜੀ ਕਿਹਾ ਜਾਂਦਾ ਹੈ। ਇਤਿਹਾਸਿਕ ਪੱਖ ਤੋਂ ਪਹਿਲੀ ਅਤੇ ਗਿਆਰ੍ਹਵੀਂ ਵਾਰ ਸਭ ਤੋਂ ਮਹੱਤਵਪੂਰਨ ਹਨ। ਪਹਿਲੀ ਵਾਰ ਵਿੱਚ ਗੁਰੂ ਨਾਨਕ ਦੇਵ ਜੀ ਦੇ ਜੀਵਨ ਸੰਬੰਧੀ ਵਿਸਥਾਰਪੂਰਵਕ ਵਰਣਨ ਕੀਤਾ ਗਿਆ ਹੈ। ਇਸ ਤੋਂ ਇਲਾਵਾ ਇਸ ਵਾਰ ਵਿੱਚ ਗੁਰੂ ਅੰਗਦ ਦੇਵ ਜੀ, ਗੁਰੂ ਅਮਰਦਾਸ ਜੀ, ਗੁਰੂ ਰਾਮਦਾਸ ਜੀ, ਗੁਰੂ ਅਰਜਨ ਦੇਵ ਜੀ ਅਤੇ ਗੁਰੂ ਹਰਿਗੋਬਿੰਦ ਜੀ ਦੇ ਜੀਵਨ ਦਾ ਵੇਰਵਾ ਵੀ ਦਿੱਤਾ ਗਿਆ ਹੈ। ਗਿਆਰ੍ਹਵੀਂ ਵਾਰ ਵਿੱਚ ਪਹਿਲੇ 5 ਗੁਰੂ ਸਾਹਿਬਾਨ ਨਾਲ ਸੰਬੰਧਿਤ ਕੁਝ ਪ੍ਰਸਿੱਧ ਸਿੱਖਾਂ ਦੇ ਨਾਂਵਾਂ ਅਤੇ ਥਾਂਵਾਂ ਦਾ ਵਰਣਨ ਕੀਤਾ ਗਿਆ ਹੈ।
ਪ੍ਰਸ਼ਨ 1. ਭਾਈ ਗੁਰਦਾਸ ਜੀ ਕੌਣ ਸਨ?
ਪ੍ਰਸ਼ਨ 2. ਭਾਈ ਗੁਰਦਾਸ ਜੀ ਨੇ ਕਿੰਨੀਆਂ ਵਾਰਾਂ ਦੀ ਰਚਨਾ ਕੀਤੀ?
ਪ੍ਰਸ਼ਨ 3. ਗੁਰੂ ਗ੍ਰੰਥ ਸਾਹਿਬ ਜੀ ਦੀ ਕੁੰਜੀ ਕਿਸ ਨੂੰ ਕਿਹਾ ਜਾਂਦਾ ਹੈ?
ਪ੍ਰਸ਼ਨ 4. ਭਾਈ ਗੁਰਦਾਸ ਜੀ ਦੀਆਂ ਵਾਰਾਂ ਦਾ ਕੀ ਮਹੱਤਵ ਹੈ?