ਐਂਗਲੋ-ਸਿੱਖ ਯੁੱਧ
ਪ੍ਰਸ਼ਨ. ਦੂਸਰੇ ਐਂਗਲੋ-ਸਿੱਖ ਯੁੱਧ ਦੇ ਛੇ ਕਾਰਨਾਂ ਦਾ ਸੰਖੇਪ ਵਰਣਨ ਕਰੋ।
ਉੱਤਰ : ਦੂਸਰੇ ਐਂਗਲੋ-ਸਿੱਖ ਯੁੱਧ ਦੇ ਮੁੱਖ ਕਾਰਨ ਹੇਠ ਲਿਖੇ ਸਨ –
1. ਸਿੱਖਾਂ ਦੀ ਆਪਣੀ ਹਾਰ ਦਾ ਬਦਲਾ ਲੈਣ ਦੀ ਇੱਛਾ : ਇਹ ਠੀਕ ਹੈ ਕਿ ਅੰਗਰੇਜ਼ਾਂ ਨਾਲ ਹੋਏ ਪਹਿਲੇ ਯੁੱਧ ਵਿੱਚ ਸਿੱਖਾਂ ਦੀ ਹਾਰ ਹੋ ਗਈ ਸੀ, ਪਰ ਇਸ ਨਾਲ ਉਨ੍ਹਾਂ ਦੇ ਹੌਂਸਲੇ ਕਿਸੇ ਤਰ੍ਹਾਂ ਘੱਟ ਨਹੀਂ ਹੋਏ ਸਨ। ਇਸ ਹਾਰ ਦਾ ਮੁੱਖ ਕਾਰਨ ਸਿੱਖਾਂ ਦੇ ਨੇਤਾਵਾਂ ਵੱਲੋਂ ਕੀਤੀ ਗਈ ਗੱਦਾਰੀ ਸੀ। ਸਿੱਖ ਸੈਨਿਕਾਂ ਨੂੰ ਆਪਣੀ ਯੋਗਤਾ ‘ਤੇ ਪੂਰਾ ਵਿਸ਼ਵਾਸ ਸੀ। ਉਹ ਆਪਣੀ ਹਾਰ ਦਾ ਬਦਲਾ ਲੈਣਾ ਚਾਹੁੰਦੇ ਸਨ। ਉਨ੍ਹਾਂ ਦੀ ਇਹ ਇੱਛਾ ਦੂਸਰੇ ਐਂਗਲੋ-ਸਿੱਖ ਯੁੱਧ ਦਾ ਇੱਕ ਮੁੱਖ ਕਾਰਨ ਬਣੀ।
2. ਲਾਹੌਰ ਅਤੇ ਭੈਰੋਵਾਲ ਦੀਆਂ ਸੰਧੀਆਂ ਤੋਂ ਪੰਜਾਬ ਅਸੰਤੁਸ਼ਟ : ਅੰਗਰੇਜ਼ਾਂ ਅਤੇ ਸਿੱਖਾਂ ਵਿਚਾਲੇ ਹੋਏ ਪਹਿਲੇ ਯੁੱਧ ਤੋਂ ਬਾਅਦ ਅੰਗਰੇਜ਼ਾਂ ਨੇ ਲਾਹੌਰ ਦਰਬਾਰ ਨਾਲ ਲਾਹੌਰ ਅਤੇ ਭੈਰੋਵਾਲ ਨਾਂ ਦੀਆਂ ਸੰਧੀਆਂ ਕੀਤੀਆਂ। ਪੰਜਾਬ ਦੇ ਲੋਕ ਮਹਾਰਾਜਾ ਰਣਜੀਤ ਸਿੰਘ ਦੇ ਅਣਥੱਕ ਯਤਨਾਂ ਸਦਕਾ ਬਣਾਏ ਸਾਮਰਾਜ ਨੂੰ ਇਨ੍ਹਾਂ ਸੰਧੀਆਂ ਦੁਆਰਾ ਖੇਰੂੰ-ਖੇਰੂੰ ਹੁੰਦਾ ਦੇਖ ਕੇ ਸਹਿਣ ਨਹੀਂ ਕਰ ਸਕਦੇ ਸਨ। ਇਸ ਲਈ ਸਿੱਖਾਂ ਨੂੰ ਅੰਗਰੇਜ਼ਾਂ ਨਾਲ ਇੱਕ ਹੋਰ ਯੁੱਧ ਲੜਨਾ ਪੈਣਾ ਸੀ।
3. ਸਿੱਖ ਸੈਨਿਕਾਂ ਵਿੱਚ ਅਸੰਤੋਸ਼ : ਲਾਹੌਰ ਦੀ ਸੰਧੀ ਅਨੁਸਾਰ ਅੰਗਰੇਜ਼ਾਂ ਨੇ ਖ਼ਾਲਸਾ ਫ਼ੌਜ ਦੀ ਗਿਣਤੀ 20,000 ਪੈਦਲ ਤੇ 12,000 ਘੋੜਸਵਾਰ ਨਿਸ਼ਚਿਤ ਕਰ ਦਿੱਤੀ। ਇਸ ਕਾਰਨ ਹਜ਼ਾਰਾਂ ਦੀ ਗਿਣਤੀ ਵਿੱਚ ਸਿੱਖ ਸੈਨਿਕਾਂ ਨੂੰ ਨੌਕਰੀ ਤੋਂ ਜਵਾਬ ਦੇ ਦਿੱਤਾ ਗਿਆ। ਇਸ ਲਈ ਇਨ੍ਹਾਂ ਸੈਨਿਕਾਂ ਦੇ ਮਨਾਂ ਵਿੱਚ ਵੀ ਅੰਗਰੇਜ਼ਾਂ ਪ੍ਰਤੀ ਰੋਸ ਪੈਦਾ ਹੋ ਗਿਆ ਅਤੇ ਉਹ ਅੰਗਰੇਜ਼ਾਂ ਨਾਲ ਯੁੱਧ ਦੀਆਂ ਤਿਆਰੀਆਂ ਕਰਨ ਲੱਗੇ।
4. ਮਹਾਰਾਣੀ ਜਿੰਦਾਂ ਨਾਲ ਸਖ਼ਤ ਸਲੂਕ : ਅੰਗਰੇਜ਼ਾਂ ਨੇ ਮਹਾਰਾਜਾ ਰਣਜੀਤ ਸਿੰਘ ਦੀ ਵਿਧਵਾ ਅਤੇ ਮਹਾਰਾਜਾ ਦਲੀਪ ਸਿੰਘ ਦੀ ਮਾਂ ਮਹਾਰਾਣੀ ਜਿੰਦਾਂ ਨਾਲ ਜੋ ਅਪਮਾਨਜਨਕ ਵਿਵਹਾਰ ਕੀਤਾ, ਉਸ ਨੇ ਸਿੱਖਾਂ ਵਿੱਚ ਅੰਗਰੇਜ਼ਾਂ ਪ੍ਰਤੀ ਫੈਲੇ ਰੋਸ ਨੂੰ ਹੋਰ ਭੜਕਾ ਦਿੱਤਾ। ਉਹ ਇਸ ਅਪਮਾਨ ਦਾ ਬਦਲਾ ਲੈਣਾ ਚਾਹੁੰਦੇ ਸਨ।
5. ਦੀਵਾਨ ਮੂਲਰਾਜ ਦਾ ਵਿਦਰੋਹ : ਦੂਸਰੇ ਐਂਗਲੋ-ਸਿੱਖ ਯੁੱਧ ਨੂੰ ਸ਼ੁਰੂ ਕਰਨ ਵਿੱਚ ਮੁਲਤਾਨ ਦੇ ਦੀਵਾਨ ਮੂਲਰਾਜ ਦੇ ਵਿਦਰੋਹ ਨੂੰ ਵਿਸ਼ੇਸ਼ ਸਥਾਨ ਪ੍ਰਾਪਤ ਹੈ। ਅੰਗਰੇਜ਼ ਸਰਕਾਰ ਨੇ 20 ਅਪਰੈਲ, 1848 ਈ. ਨੂੰ ਮੁਲਤਾਨ ਵਿੱਚ ਦੋ ਅੰਗਰੇਜ਼ ਅਫ਼ਸਰਾਂ ਵੈਨਸ ਐਗਨਿਯੂ ਅਤੇ ਐਂਡਰਸਨ ਦੇ ਕਤਲਾਂ ਦੀ ਝੂਠੀ ਜ਼ਿੰਮੇਵਾਰੀ ਮੂਲਰਾਜ ਦੇ ਸਿਰ ਪਾਈ। ਇਸ ਕਾਰਨ ਦੀਵਾਨ ਮੂਲਰਾਜ ਦਾ ਖ਼ੂਨ ਖੌਲਣ ਲੱਗਾ ਅਤੇ ਉਸ ਨੇ ਅੰਗਰੇਜ਼ਾਂ ਵਿਰੁੱਧ ਵਿਦਰੋਹ ਦਾ ਝੰਡਾ ਬੁਲੰਦ ਕਰ ਦਿੱਤਾ।
6. ਲਾਰਡ ਡਲਹੌਜੀ ਦੀ ਨੀਤੀ : 1848 ਈ. ਵਿੱਚ ਲਾਰਡ ਡਲਹੌਜ਼ੀ ਭਾਰਤ ਦਾ ਨਵਾਂ ਗਵਰਨਰ-ਜਨਰਲ ਬਣਿਆ ਸੀ। ਉਹ ਬਹੁਤ ਵੱਡਾ ਸਾਮਰਾਜਵਾਦੀ ਸੀ। ਉਹ ਪੰਜਾਬ ਨੂੰ ਆਪਣੇ ਅਧੀਨ ਕਰਨ ਲਈ ਕਿਸੇ ਸੁਨਹਿਰੀ ਮੌਕੇ ਦੀ ਭਾਲ ਵਿੱਚ ਸੀ। ਇਹ ਮੌਕਾ ਉਸ ਨੂੰ ਦੀਵਾਨ ਮੂਲਰਾਜ, ਚਤਰ ਸਿੰਘ ਅਤੇ ਸ਼ੇਰ ਸਿੰਘ ਦੇ ਵਿਦਰੋਹਾਂ ਨੇ ਦਿੱਤਾ।