ਗੁਜਰਾਤ ਦੀ ਲੜਾਈ


ਪ੍ਰਸ਼ਨ. ਦੂਸਰੇ ਐਂਗਲੋ-ਸਿੱਖ ਯੁੱਧ ਸਮੇਂ ਹੋਈ ਗੁਜਰਾਤ ਦੀ ਲੜਾਈ ਦਾ ਕੀ ਮਹੱਤਵ ਸੀ?

ਉੱਤਰ : ਗੁਜਰਾਤ ਦੀ ਲੜਾਈ ਦੂਸਰੇ ਐਂਗਲੋ-ਸਿੱਖ ਯੁੱਧ ਦੀ ਆਖਰੀ ਅਤੇ ਫੈਸਲਾਕੁੰਨ ਲੜਾਈ ਸੀ। ਇਹ ਲੜਾਈ 21 ਫ਼ਰਵਰੀ, 1849 ਈ. ਨੂੰ ਲੜੀ ਗਈ ਸੀ। ਇਸ ਲੜਾਈ ਵਿੱਚ ਸਿੱਖ ਸੈਨਿਕਾਂ ਦੀ ਗਿਣਤੀ 40,000 ਸੀ ਅਤੇ ਉਨ੍ਹਾਂ ਦੀ ਅਗਵਾਈ ਚਤਰ ਸਿੰਘ, ਸ਼ੇਰ ਸਿੰਘ ਅਤੇ ਮਹਾਰਾਜ ਸਿੰਘ ਕਰ ਰਹੇ ਸਨ।

ਦੂਜੇ ਪਾਸੇ ਅੰਗਰੇਜ਼ਾਂ ਦੇ ਸੈਨਿਕਾਂ ਦੀ ਗਿਣਤੀ ਲਗਭਗ 68,000 ਸੀ ਅਤੇ ਲਾਰਡ ਹਿਊਗ ਗਫ਼ ਉਨ੍ਹਾਂ ਦੀ ਅਗਵਾਈ ਕਰ ਰਿਹਾ ਸੀ। ਕਿਉਂਕਿ ਇਸ ਲੜਾਈ ਵਿੱਚ ਦੋਹਾਂ ਪੱਖਾਂ ਵੱਲੋਂ ਤੋਪਾਂ ਦੀ ਬਹੁਤ ਜ਼ਿਆਦਾ ਵਰਤੋਂ ਕੀਤੀ ਗਈ ਸੀ, ਇਸ ਲਈ ਗੁਜਰਾਤ ਦੀ ਲੜਾਈ ਨੂੰ ਤੋਪਾਂ ਦੀ ਲੜਾਈ ਵੀ ਕਿਹਾ ਜਾਂਦਾ ਹੈ। ਸਿੱਖਾਂ ਨੇ ਅੰਗਰੇਜ਼ਾਂ ਦਾ ਬੜੀ ਬਹਾਦਰੀ ਨਾਲ ਮੁਕਾਬਲਾ ਕੀਤਾ। ਪਰ ਉਨ੍ਹਾਂ ਦਾ ਗੋਲਾ-ਬਾਰੂਦ ਖ਼ਤਮ ਹੋ ਜਾਣ ਕਾਰਨ ਅੰਤ ਉਨ੍ਹਾਂ ਨੂੰ ਹਾਰ ਦਾ ਮੂੰਹ ਵੇਖਣਾ ਪਿਆ। ਇਸ ਲੜਾਈ ਵਿੱਚ ਸਿੱਖਾਂ ਦਾ ਭਾਰੀ ਨੁਕਸਾਨ ਹੋਇਆ ਅਤੇ ਉਨ੍ਹਾਂ ਵਿੱਚ ਭਗਦੜ ਮਚ ਗਈ। ਚਤਰ ਸਿੰਘ, ਸ਼ੇਰ ਸਿੰਘ ਅਤੇ ਮਹਾਰਾਜ ਸਿੰਘ ਰਾਵਲਪਿੰਡੀ ਵੱਲ ਦੌੜ ਗਏ। ਅੰਗਰੇਜ਼ ਸੈਨਿਕਾਂ ਨੇ ਉਨ੍ਹਾਂ ਦਾ ਪਿੱਛਾ ਕੀਤਾ। ਉਨ੍ਹਾਂ ਨੇ 10 ਮਾਰਚ ਨੂੰ ਆਪਣੇ ਹਥਿਆਰ ਸੁੱਟ ਦਿੱਤੇ। ਬਾਕੀ ਸੈਨਿਕਾਂ ਨੇ 14 ਮਾਰਚ ਨੂੰ ਅੰਗਰੇਜ਼ਾਂ ਅੱਗੇ ਆਪਣੇ ਹਥਿਆਰ ਸੁੱਟ ਦਿੱਤੇ।

ਇਸ ਲੜਾਈ ਵਿੱਚ ਜਿੱਤ ਤੋਂ ਬਾਅਦ ਅੰਗਰੇਜ਼ਾਂ ਨੇ 29 ਮਾਰਚ, 1849 ਈ. ਨੂੰ ਪੰਜਾਬ ਨੂੰ ਅੰਗਰੇਜ਼ੀ ਸਾਮਰਾਜ ਵਿੱਚ ਸ਼ਾਮਲ ਕਰ ਲਿਆ। ਇਸ ਤਰ੍ਹਾਂ ਮਹਾਰਾਜਾ ਰਣਜੀਤ ਸਿੰਘ ਦੇ ਰਾਜ ਦਾ ਅੰਤ ਹੋ ਗਿਆ।