ਗੁਰੂ ਨਾਨਕ ਦੇਵ ਜੀ ਦੀ ਦੇਣ


ਪ੍ਰਸ਼ਨ. ਗੁਰੂ ਨਾਨਕ ਦੇਵ ਜੀ ਦੀ ‘ਸਿੱਖ ਪੰਥ ਨੂੰ ਦੇਣ’ (contribution of Guru Nanak Dev Ji to Sikhism.) ਸੰਬੰਧੀ ਜਾਣਕਾਰੀ ਦਿਓ।

ਉੱਤਰ : 15ਵੀਂ ਸਦੀ ਵਿੱਚ ਜਦੋਂ ਗੁਰੂ ਨਾਨਕ ਦੇਵ ਜੀ ਦਾ ਜਨਮ ਹੋਇਆ ਤਾਂ ਉਸ ਸਮੇਂ ਭਾਰਤ ਦੀ ਰਾਜਨੀਤਿਕ, ਸਮਾਜਿਕ ਅਤੇ ਧਾਰਮਿਕ ਹਾਲਤ ਬੜੀ ਤਰਸਯੋਗ ਸੀ। ਮੁਸਲਮਾਨ ਸ਼ਾਸਕ ਮੁਸਲਿਮ ਵਰਗ ਨਾਲ ਸੰਬੰਧਿਤ ਸਨ। ਉਹ ਹਿੰਦੂਆਂ ਨਾਲ ਬਹੁਤ ਨਫ਼ਰਤ ਕਰਦੇ ਸਨ ਅਤੇ ਉਨ੍ਹਾਂ ‘ਤੇ ਭਾਰੀ ਅੱਤਿਆਚਾਰ ਕਰਦੇ ਸਨ। ਧਰਮ ਕੇਵਲ ਇੱਕ ਬਾਹਰੀ ਦਿਖਾਵਾ ਬਣ ਕੇ ਰਹਿ ਗਿਆ ਸੀ। ਲੋਕ ਅਗਿਆਨਤਾ ਦੇ ਹਨ੍ਹੇਰੇ ਵਿੱਚ ਭਟਕ ਰਹੇ ਸਨ। ਸਮਾਜ ਵਿੱਚ ਇਸਤਰੀਆਂ ਦੀ ਹਾਲਤ ਬਹੁਤ ਖ਼ਰਾਬ ਸੀ।

ਗੁਰੂ ਨਾਨਕ ਦੇਵ ਜੀ ਨੇ ਲੋਕਾਂ ਵਿੱਚ ਪ੍ਰਚਲਿਤ ਅੰਧ-ਵਿਸ਼ਵਾਸਾਂ ਨੂੰ ਦੂਰ ਕਰਨ ਲਈ ਅਤੇ ਉਨ੍ਹਾਂ ਵਿੱਚ ਨਵੀਂ ਜਾਗ੍ਰਿਤੀ ਲਿਆਉਣ ਦੇ ਉਦੇਸ਼ ਨਾਲ ਦੇਸ਼ ਦੇ ਵੱਖ-ਵੱਖ ਹਿੱਸਿਆਂ ਅਤੇ ਵਿਦੇਸ਼ਾਂ ਦੀਆਂ ਯਾਤਰਾਵਾਂ ਕੀਤੀਆਂ।

ਇਨ੍ਹਾਂ ਯਾਤਰਾਵਾਂ ਦੌਰਾਨ ਗੁਰੂ ਜੀ ਨੇ ਲੋਕਾਂ ਨੂੰ ਇੱਕ ਪਰਮਾਤਮਾ ਦੀ ਪੂਜਾ ਕਰਨ, ਆਪਸੀ ਭਾਈਚਾਰੇ, ਇਸਤਰੀਆਂ ਨੂੰ ਪੁਰਸ਼ਾਂ ਦੇ ਬਰਾਬਰ ਅਧਿਕਾਰ ਦੇਣ ਬਾਰੇ, ਸੱਚਾ ਤੇ ਪਵਿੱਤਰ ਜੀਵਨ ਬਤੀਤ ਕਰਨ ਅਤੇ ਅੰਧ-ਵਿਸ਼ਵਾਸਾਂ ਨੂੰ ਛੱਡਣ ਦਾ ਪ੍ਰਚਾਰ ਕੀਤਾ।

ਗੁਰੂ ਜੀ ਜਿੱਥੇ ਵੀ ਗਏ ਉਨ੍ਹਾਂ ਨੇ ਆਪਣੀਆਂ ਸਿੱਖਿਆਵਾਂ ਰਾਹੀਂ ਲੋਕਾਂ ‘ਤੇ ਡੂੰਘਾ ਪ੍ਰਭਾਵ ਪਾਇਆ। ਗੁਰੂ ਜੀ ਨੇ ਸ਼ਾਸਕ ਵਰਗ ਤੇ ਉਨ੍ਹਾਂ ਦੇ ਕਰਮਚਾਰੀਆਂ ਦੁਆਰਾ ਕੀਤੇ ਜਾ ਰਹੇ ਅਨਿਆਂ ਵਿਰੁੱਧ ਆਵਾਜ਼ ਉਠਾਈ। ਉਨ੍ਹਾਂ ਨੇ ਸੰਗਤ ਤੇ ਪੰਗਤ ਨਾਂ ਦੀਆਂ ਦੋ ਸੰਸਥਾਵਾਂ ਦੀ ਨੀਂਹ ਰੱਖੀ।

ਗੁਰੂ ਜੀ ਦੇ ਜਿਊਂਦਿਆਂ ਹੀ ਇੱਕ ਨਵਾਂ ਧਾਰਮਿਕ ਭਾਈਚਾਰਾ ਹੋਂਦ ਵਿੱਚ ਆ ਚੁੱਕਾ ਸੀ। ਗੁਰੂ ਨਾਨਕ ਦੇਵ ਜੀ ਨੇ 1539 ਈ. ਵਿੱਚ ਜੋਤੀ-ਜੋਤ ਸਮਾਉਣ ਤੋਂ ਪਹਿਲਾਂ ਭਾਈ ਲਹਿਣਾ (ਗੁਰੂ ਅੰਗਦ ਦੇਵ ਜੀ) ਆਪਣਾ ਉੱਤਰਾਧਿਕਾਰੀ ਨਿਯੁਕਤ ਕੀਤਾ। ਗੁਰੂ ਅੰਗਦ ਸਾਹਿਬ ਦੀ ਨਿਯੁਕਤੀ ਸਿੱਖ ਪੰਥ ਦੇ ਵਿਕਾਸ ਲਈ ਬੜੀ ਮਹੱਤਵਪੂਰਨ ਸਿੱਧ ਹੋਈ।