ਚਿਲ੍ਹਿਆਂਵਾਲਾ ਦੀ ਲੜਾਈ
ਪ੍ਰਸ਼ਨ. ਚਿਲ੍ਹਿਆਂਵਾਲਾ ਦੀ ਲੜਾਈ ‘ਤੇ ਇੱਕ ਸੰਖੇਪ ਨੋਟ ਲਿਖੋ।
ਉੱਤਰ : ਚਿਲ੍ਹਿਆਂਵਾਲਾ ਦੀ ਲੜਾਈ ਦੂਸਰੇ ਐਂਗਲੋ-ਸਿੱਖ ਯੁੱਧ ਦੀਆਂ ਮਹੱਤਵਪੂਰਨ ਲੜਾਈਆਂ ਵਿੱਚੋਂ ਇੱਕ ਸੀ। ਲਾਰਡ ਹਿਊਗ ਗਫ਼ ਜੋ ਅੰਗਰੇਜ਼ੀ ਫ਼ੌਜਾਂ ਦਾ ਸੈਨਾਪਤੀ ਸੀ, ਸ਼ੇਰ ਸਿੰਘ ਦੀ ਫ਼ੌਜ ਦਾ ਮੁਕਾਬਲਾ ਕਰਨ ਲਈ ਵਧੇਰੇ ਸੈਨਿਕ ਸਹਾਇਤਾ ਪਹੁੰਚਣ ਦੀ ਉਡੀਕ ਕਰ ਰਿਹਾ ਸੀ। ਇਸੇ ਸਮੇਂ ਗਫ਼ ਨੂੰ ਇਹ ਸੂਚਨਾ ਮਿਲੀ ਕਿ ਸਰਦਾਰ ਚਤਰ ਸਿੰਘ ਨੇ ਅਟਕ ਦੇ ਕਿਲ੍ਹੇ ਨੂੰ ਜਿੱਤ ਲਿਆ ਹੈ ਤੇ ਉਹ ਸ਼ੇਰ ਸਿੰਘ ਦੀ ਸਹਾਇਤਾ ਲਈ ਆ ਰਿਹਾ ਹੈ। ਅਜਿਹਾ ਹੋਣ ‘ਤੇ ਅੰਗਰੇਜ਼ਾਂ ਲਈ ਭਾਰੀ ਖ਼ਤਰਾ ਪੈਦਾ ਹੋ ਸਕਦਾ ਸੀ। ਇਸ ਲਈ ਹਿਊਗ ਗਫ਼ ਨੇ ਚਤਰ ਸਿੰਘ ਦੇ ਪਹੁੰਚਣ ਤੋਂ ਪਹਿਲਾਂ ਹੀ 13 ਜਨਵਰੀ, 1849 ਈ. ਨੂੰ ਚਿਲ੍ਹਿਆਂਵਾਲਾ ਵਿਖੇ ਸ਼ੇਰ ਸਿੰਘ ਦੀਆਂ ਫ਼ੌਜਾਂ ‘ਤੇ ਹਮਲਾ ਬੋਲ ਦਿੱਤਾ। ਇਸ ਘਮਸਾਣ ਦੀ ਲੜਾਈ ਵਿੱਚ ਸ਼ੇਰ ਸਿੰਘ ਦੇ ਸੈਨਿਕਾਂ ਨੇ ਅੰਗਰੇਜ਼ਾਂ ਦੇ ਚੰਗੇ ਛੱਕੇ ਛੁਡਵਾਏ। ਇਸ ਲੜਾਈ ਵਿੱਚ ਅੰਗਰੇਜ਼ਾਂ ਦਾ ਇੰਨਾ ਭਾਰੀ ਨੁਕਸਾਨ ਹੋਇਆ ਕਿ ਇੰਗਲੈਂਡ ਵਿੱਚ ਵੀ ਹਾਹਾਕਾਰ ਮਚ ਗਈ। ਇਸ ਅਪਮਾਨਜਨਕ ਹਾਰ ਕਾਰਨ ਸੈਨਾਪਤੀ ਲਾਰਡ ਹਿਊਗ ਗਫ਼ ਦੇ ਸਨਮਾਨ ਨੂੰ ਬਹੁਤ ਧੱਕਾ ਲੱਗਿਆ। ਉਸ ਦੀ ਜਗ੍ਹਾ ਚਾਰਲਸ ਨੇਪੀਅਰ ਨੂੰ ਅੰਗਰੇਜ਼ੀ ਸੈਨਾ ਦਾ ਨਵਾਂ ਸੈਨਾਪਤੀ ਨਿਯੁਕਤ ਕਰਕੇ ਭਾਰਤ ਭੇਜਿਆ ਗਿਆ।