CBSEEducationHistoryHistory of Punjab

ਪ੍ਰਸ਼ਨ. ਦੂਸਰੇ ਐਂਗਲੋ-ਸਿੱਖ ਯੁੱਧ ਦੇ ਕੀ ਪ੍ਰਭਾਵ ਪਏ?

ਉੱਤਰ : ਦੂਸਰੇ ਐਂਗਲੋ-ਸਿੱਖ ਯੁੱਧ ਦੇ ਬੜੇ ਦੂਰ-ਦੁਰਾਡੇ ਸਿੱਟੇ ਨਿਕਲੇ। ਇਨ੍ਹਾਂ ਦਾ ਸੰਖੇਪ ਵਰਣਨ ਹੇਠ ਲਿਖੇ ਅਨੁਸਾਰ ਹੈ-

1. ਮਹਾਰਾਜਾ ਰਣਜੀਤ ਸਿੰਘ ਦੇ ਸਾਮਰਾਜ ਦਾ ਅੰਤ : ਦੂਸਰੇ ਐਂਗਲੋ-ਸਿੱਖ ਯੁੱਧ ਦਾ ਸਭ ਤੋਂ ਮਹੱਤਵਪੂਰਨ ਸਿੱਟਾ ਇਹ ਨਿਕਲਿਆ ਕਿ ਮਹਾਰਾਜਾ ਰਣਜੀਤ ਸਿੰਘ ਦੇ ਸਾਮਰਾਜ ਦਾ ਪੂਰੀ ਤਰ੍ਹਾਂ ਖਾਤਮਾ ਕਰ ਦਿੱਤਾ ਗਿਆ। ਆਖਰੀ ਸਿੱਖ ਮਹਾਰਾਜਾ ਦਲੀਪ ਸਿੰਘ ਨੂੰ ਗੱਦੀ ਤੋਂ ਲਾਹ ਦਿੱਤਾ ਗਿਆ।

2. ਸਿੱਖ ਫ਼ੌਜ ਨੂੰ ਤੋੜ ਦਿੱਤਾ ਗਿਆ : ਦੂਜੇ ਐਂਗਲੋ-ਸਿੱਖ ਯੁੱਧ ਮਗਰੋਂ ਇਸ ਸੈਨਾ ਨੂੰ ਵੀ ਨਿਸ਼ਸਤਰ ਕਰ ਕੇ ਤੋੜ ਦਿੱਤਾ ਗਿਆ। ਜ਼ਿਆਦਾਤਰ ਸੈਨਿਕਾਂ ਨੂੰ ਖੇਤੀਬਾੜੀ ਦੇ ਧੰਦੇ ਵਿੱਚ ਲਗਾਉਣ ਦੀ ਕੋਸ਼ਿਸ਼ ਕੀਤੀ ਗਈ। ਕੁਝ ਨੂੰ ਬ੍ਰਿਟਿਸ਼ ਭਾਰਤੀ ਸੈਨਾ ਵਿੱਚ ਭਰਤੀ ਕਰ ਲਿਆ ਗਿਆ।

3. ਦੀਵਾਨ ਮੂਲਰਾਜ ਅਤੇ ਭਾਈ ਮਹਾਰਾਜਾ ਸਿੰਘ ਨੂੰ ਦੇਸ਼ ਨਿਕਾਲੇ ਦੀ ਸਜ਼ਾ : ਦੀਵਾਨ ਮੂਲਰਾਜ ਨੂੰ ਪਹਿਲਾਂ ਮੌਤ ਦੀ ਸਜ਼ਾ ਦਿੱਤੀ ਗਈ ਸੀ। ਬਾਅਦ ਵਿੱਚ ਇਸ ਸਜ਼ਾ ਨੂੰ ਕਾਲੇਪਾਣੀ ਦੀ ਸਜ਼ਾ ਵਿੱਚ ਬਦਲ ਦਿੱਤਾ ਗਿਆ। ਪਰ ਉਸ ਦੀ 11 ਅਗਸਤ, 1851 ਈ. ਨੂੰ ਕਲਕੱਤੇ (ਕੋਲਕਾਤਾ) ਵਿਖੇ ਮੌਤ ਹੋ ਗਈ। ਭਾਈ ਮਹਾਰਾਜ ਸਿੰਘ ਨੂੰ ਸਿੰਘਾਪੁਰ ਜੇਲ੍ਹ ਵਿੱਚ ਭੇਜ ਦਿੱਤਾ ਗਿਆ। ਇੱਥੇ ਉਸ ਦੀ 5 ਜੁਲਾਈ, 1856 ਈ. ਨੂੰ ਮੌਤ ਹੋ ਗਈ।

4. ਚਤਰ ਸਿੰਘ ਅਤੇ ਸ਼ੇਰ ਸਿੰਘ ਨੂੰ ਸਜ਼ਾ : ਅੰਗਰੇਜ਼ਾਂ ਨੇ ਸਰਦਾਰ ਚਤਰ ਸਿੰਘ ਅਤੇ ਉਸ ਦੇ ਪੁੱਤਰ ਸ਼ੇਰ ਸਿੰਘ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਸੀ। ਉਨ੍ਹਾਂ ਨੂੰ ਪਹਿਲਾਂ ਅਲਾਹਾਬਾਦ ਅਤੇ ਬਾਅਦ ਵਿੱਚ ਕਲਕੱਤੇ (ਕੋਲਕਾਤਾ) ਦੀਆਂ ਜੇਲ੍ਹਾਂ ਵਿੱਚ ਰੱਖਿਆ ਗਿਆ। 1854 ਈ. ਵਿੱਚ ਸਰਕਾਰ ਨੇ ਉਨ੍ਹਾਂ ਦੋਹਾਂ ਨੂੰ ਰਿਹਾਅ ਕਰ ਦਿੱਤਾ ।

5. ਪੰਜਾਬ ਲਈ ਨਵਾਂ ਰਾਜ ਪ੍ਰਬੰਧ : ਪੰਜਾਬ ਨੂੰ ਅੰਗਰੇਜ਼ੀ ਸਾਮਰਾਜ ਵਿੱਚ ਮਿਲਾ ਲੈਣ ਤੋਂ ਬਾਅਦ ਅੰਗਰੇਜ਼ਾਂ ਨੇ ਪੰਜਾਬ ਦਾ ਪ੍ਰਬੰਧ ਚਲਾਉਣ ਲਈ ਪ੍ਰਸ਼ਾਸਨਿਕ ਬੋਰਡ ਦੀ ਸਥਾਪਨਾ ਕੀਤੀ। ਇਹ 1849 ਈ. ਤੋਂ ਲੈ ਕੇ 1853 ਈ. ਤਕ ਕੰਮ ਕਰਦਾ ਰਿਹਾ। ਇਨ੍ਹਾਂ ਸੁਧਾਰਾਂ ਨੇ ਪੰਜਾਬੀਆਂ ਦੇ ਦਿਲਾਂ ਨੂੰ ਜਿੱਤ ਲਿਆ। ਸਿੱਟੇ ਵਜੋਂ ਉਹ 1857 ਈ. ਦੇ ਵਿਦਰੋਹ ਸਮੇਂ ਅੰਗਰੇਜ਼ਾਂ ਪ੍ਰਤੀ ਵਫ਼ਾਦਾਰ ਰਹੇ ।

6. ਪੰਜਾਬ ਦੀਆਂ ਰਿਆਸਤਾਂ ਨਾਲ ਮਿੱਤਰਤਾ ਵਾਲਾ ਸਲੂਕ : ਦੂਸਰੇ ਐਂਗਲੋ-ਸਿੱਖ ਯੁੱਧ ਦੇ ਸਮੇਂ ਪਟਿਆਲਾ, ਨਾਭਾ, ਜੀਂਦ, ਮਲੇਰਕੋਟਲਾ, ਫ਼ਰੀਦਕੋਟ ਅਤੇ ਕਪੂਰਥਲਾ ਦੀਆਂ ਰਿਆਸਤਾਂ ਨੇ ਅੰਗਰੇਜ਼ਾਂ ਨੂੰ ਆਪਣਾ ਸਹਿਯੋਗ ਦਿੱਤਾ ਸੀ। ਇਸ ਕਾਰਨ ਅੰਗਰੇਜ਼ਾਂ ਨੇ ਇਨ੍ਹਾਂ ਨਾਲ ਆਪਣੀ ਮਿੱਤਰਤਾ ਬਣਾਈ ਰੱਖੀ ਅਤੇ ਇਨ੍ਹਾਂ ਰਿਆਸਤਾਂ ਨੂੰ ਅਗਰੇਜ਼ੀ ਸਾਮਰਾਜ ਵਿੱਚ ਸ਼ਾਮਲ ਨਹੀਂ ਕੀਤਾ।