ਲਾਰਡ ਡਲਹੌਜ਼ੀ
ਪ੍ਰਸ਼ਨ. ਕੀ ਲਾਰਡ ਡਲਹੌਜ਼ੀ ਦੁਆਰਾ ਪੰਜਾਬ ਨੂੰ ਅੰਗਰੇਜ਼ੀ ਸਾਮਰਾਜ ਵਿੱਚ ਮਿਲਾਉਣਾ ਉੱਚਿਤ ਸੀ? ਆਪਣੇ ਪੱਖ ਵਿੱਚ ਦਲੀਲਾਂ ਦਿਓ।
ਉੱਤਰ : ਪੰਜਾਬ ਨੂੰ ਅੰਗਰੇਜ਼ੀ ਸਾਮਰਾਜ ਵਿੱਚ ਮਿਲਾਉਣਾ ਨਿਆਂਸੰਗਤ ਨਹੀਂ ਸੀ।
1. ਸਿੱਖਾਂ ਨੂੰ ਬਗ਼ਾਵਤ ਲਈ ਭੜਕਾਇਆ ਗਿਆ : ਪਹਿਲੇ ਐਂਗਲੋ-ਸਿੱਖ ਯੁੱਧ ਦੇ ਬਾਅਦ ਬਹੁਤ ਸਾਰੀਆਂ ਅਜਿਹੀਆਂ ਘਟਨਾਵਾਂ ਹੋਈਆਂ ਜਿਨ੍ਹਾਂ ਨੇ ਸਿੱਖਾਂ ਨੂੰ ਬਗਾਵਤ ਲਈ ਭੜਕਾਇਆ। ਲਾਹੌਰ ਦੀ ਸੰਧੀ ਅਨੁਸਾਰ ਪੰਜਾਬ ਦੇ ਕਈ ਮਹੱਤਵਪੂਰਨ ਇਲਾਕੇ ਅੰਗਰੇਜ਼ਾਂ ਨੇ ਖੋਹ ਲਏ ਸਨ। ਅੰਗਰੇਜ਼ਾਂ ਨੇ ਮਹਾਰਾਣੀ ਜਿੰਦਾਂ ਨਾਲ ਬਹੁਤ ਮਾੜਾ ਸਲੂਕ ਕੀਤਾ। ਉਨ੍ਹਾਂ ਨੇ ਦੀਵਾਨ ਮੂਲਰਾਜ ਅਤੇ ਸਰਦਾਰ ਚਤਰ ਸਿੰਘ ਨੂੰ ਬਗ਼ਾਵਤ ਲਈ ਭੜਕਾਇਆ। ਸਿੱਟੇ ਵਜੋਂ ਸਿੱਖਾਂ ਨੂੰ ਬਗ਼ਾਵਤ ਲਈ ਮਜਬੂਰ ਹੋਣਾ ਪਿਆ।
2. ਬਗ਼ਾਵਤ ਨੂੰ ਸਮੇਂ ਸਿਰ ਨਾ ਦਬਾਇਆ ਗਿਆ : ਜਦੋਂ ਮੁਲਤਾਨ ਵਿਚ ਵਿਦਰੋਹ ਦੀ ਅੱਗ ਭੜਕੀ ਤਾਂ ਉਸ ‘ਤੇ ਛੇਤੀ ਹੀ ਕਾਬੂ ਪਾਇਆ ਜਾ ਸਕਦਾ ਸੀ। ਅੱਠ ਮਹੀਨਿਆਂ ਤਕ ਮੁਲਤਾਨ ਦੇ ਵਿਦਰੋਹ ਨੂੰ ਫੈਲਣ ਦੇਣ ਪਿੱਛੇ ਇਕ ਡੂੰਘੀ ਰਾਜਸੀ ਚਾਲ ਸੀ। ਇਸ ਕਾਰਨ ਅੰਗਰੇਜ਼ਾਂ ਨੂੰ ਪੰਜਾਬ ਵਿੱਚ ਵੱਡੀ ਸੈਨਿਕ ਕਾਰਵਾਈ ਕਰਨ ਦਾ ਬਹਾਨਾ ਮਿਲ ਗਿਆ ਅਤੇ ਉਨ੍ਹਾਂ ਨੇ ਪੰਜਾਬ ਉੱਤੇ ਕਬਜ਼ਾ ਕਰ ਲਿਆ।
3. ਅੰਗਰੇਜ਼ਾਂ ਨੇ ਸੰਧੀ ਦੀਆਂ ਸ਼ਰਤਾਂ ਨੂੰ ਪੂਰਾ ਨਹੀਂ ਕੀਤਾ : ਅੰਗਰੇਜ਼ਾਂ ਦਾ ਕਹਿਣਾ ਸੀ ਕਿ ਉਨ੍ਹਾਂ ਨੇ ਸੰਧੀ ਦੀਆਂ ਸ਼ਰਤਾਂ ਨੂੰ ਪੂਰਾ ਕੀਤਾ ਹੈ। ਪਰ ਅੰਗਰੇਜ਼ਾਂ ਨੇ ਸੰਧੀ ਦੀਆਂ ਕੇਵਲ ਉਨ੍ਹਾਂ ਸ਼ਰਤਾਂ ਨੂੰ ਹੀ ਪੂਰਾ ਕੀਤਾ, ਜਿਹੜੀਆਂ ਉਨ੍ਹਾਂ ਲਈ ਲਾਹੇਵੰਦ ਸਨ। ਇਸ ਤਰ੍ਹਾਂ ਅੰਗਰੇਜ਼ਾਂ ਦਾ ਇਹ ਕਹਿਣਾ ਕਿ ਉਨ੍ਹਾਂ ਨੇ ਸੰਧੀ ਦੀਆਂ ਸਾਰੀਆਂ ਸ਼ਰਤਾਂ ਨੂੰ ਪੂਰਾ ਕੀਤਾ ਹੈ, ਨਿਰਾ ਝੂਠ ਹੀ ਹੈ।
4. ਲਾਹੌਰ ਦਰਬਾਰ ਨੇ ਸੰਧੀ ਦੀਆਂ ਸ਼ਰਤਾਂ ਨੂੰ ਪੂਰਾ ਕਰਨ ਵਿੱਚ ਪੂਰਨ ਸਹਿਯੋਗ ਦਿੱਤਾ : ਲਾਹੌਰ ਦਰਬਾਰ ਤਾਂ ਪੰਜਾਬ ਉੱਤੇ ਅੰਗਰੇਜ਼ਾਂ ਦਾ ਕਬਜ਼ਾ ਹੋਣ ਤਕ ਸੰਧੀ ਦੀਆਂ ਸ਼ਰਤਾਂ ਨੂੰ ਵਫ਼ਾਦਾਰੀ ਨਾਲ ਨਿਭਾਉਂਦਾ ਰਿਹਾ। ਲਾਹੌਰ ਸਰਕਾਰ ਪੰਜਾਬ ਵਿੱਚ ਰੱਖੀ ਹੋਈ ਅੰਗਰੇਜ਼ੀ ਸੈਨਾ ਦਾ ਪੂਰਾ ਖ਼ਰਚਾ ਦੇ ਰਹੀ ਸੀ। ਉਸ ਨੇ ਦੀਵਾਨ ਮੂਲਰਾਜ, ਚਤਰ ਸਿੰਘ ਅਤੇ ਸ਼ੇਰ ਸਿੰਘ ਦੁਆਰਾ ਕੀਤੀਆਂ ਗਈਆਂ ਬਗ਼ਾਵਤਾਂ ਨੂੰ ਕੁਚਲਣ ਵਿੱਚ ਅੰਗਰੇਜ਼ੀ ਫ਼ੌਜਾਂ ਨੂੰ ਪੂਰਾ ਸਹਿਯੋਗ ਵੀ
ਦਿੱਤਾ।
5. ਪੂਰੀ ਸਿੱਖ ਸੈਨਾ ਅਤੇ ਲੋਕਾਂ ਨੇ ਵਿਦਰੋਹ ਨਹੀਂ ਕੀਤਾ ਸੀ : ਲਾਰਡ ਡਲਹੌਜ਼ੀ ਨੇ ਇਹ ਦੋਸ਼ ਲਗਾਇਆ ਸੀ ਕਿ ਪੰਜਾਬ ਦੀ ਪੂਰੀ ਸਿੱਖ ਸੈਨਾ ਅਤੇ ਲੋਕਾਂ ਨੇ ਮਿਲ ਕੇ ਅੰਗਰੇਜ਼ਾਂ ਵਿਰੁੱਧ ਵਿਦਰੋਹ ਕਰ ਦਿੱਤਾ ਸੀ। ਪਰ ਇਸ ਕਥਨ ਵਿੱਚ ਜ਼ਰਾ ਵੀ ਸੱਚਾਈ ਨਹੀਂ ਹੈ। ਪੰਜਾਬ ਦੇ ਕੇਵਲ ਮੁਲਤਾਨ ਅਤੇ ਹਜ਼ਾਰਾ ਪ੍ਰਾਂਤਾਂ ਵਿੱਚ ਹੀ ਅੰਗਰੇਜ਼ਾਂ ਵਿਰੁੱਧ ਵਿਦਰੋਹ ਹੋਇਆ ਸੀ। ਬਹੁਤੀ ਸਿੱਖ ਫ਼ੌਜ ਅਤੇ ਲੋਕ ਅੰਗਰੇਜ਼ਾਂ ਪ੍ਰਤੀ ਵਫ਼ਾਦਾਰ ਰਹੇ।
6. ਪੰਜਾਬ ‘ਤੇ ਕਬਜ਼ਾ ਇੱਕ ਵਿਸ਼ਵਾਸਘਾਤ ਸੀ : ਪੰਜਾਬ ‘ਤੇ ਅੰਗਰੇਜ਼ਾਂ ਦਾ ਕਬਜ਼ਾ ਇੱਕ ਘੋਰ ਵਿਸ਼ਵਾਸਘਾਤ ਸੀ। 1846 ਈ. ਵਿੱਚ ਹੋਈ ਭੈਰੋਵਾਲ ਦੀ ਸੰਧੀ ਅਨੁਸਾਰ ਪੰਜਾਬ ਵਿੱਚ ਸ਼ਾਂਤੀ ਕਾਇਮ ਰੱਖਣ ਦੀ ਸਾਰੀ ਜ਼ਿੰਮੇਵਾਰੀ ਅੰਗਰੇਜ਼ਾਂ ਦੀ ਸੀ। ਇਸ ਦੇ ਬਾਵਜੂਦ ਉਨ੍ਹਾਂ ਨੇ ਪੰਜਾਬ ਵਿੱਚ ਵਿਗੜ ਰਹੇ ਹਾਲਾਤਾਂ ਲਈ ਪੂਰੀ ਤਰ੍ਹਾਂ ਮਹਾਰਾਜਾ ਦਲੀਪ ਸਿੰਘ ਨੂੰ ਦੋਸ਼ੀ ਠਹਿਰਾਇਆ।