ਅਣਡਿੱਠਾ ਪੈਰਾ : ਦੂਸਰਾ ਐਂਗਲੋ – ਸਿੱਖ ਯੁੱਧ
ਨੋਟ : ਹੇਠ ਲਿਖੇ ਪੈਰੇ ਨੂੰ ਧਿਆਨ ਨਾਲ ਪੜ੍ਹੋ ਅਤੇ ਉਸ ਦੇ ਅੰਤ ਵਿੱਚ ਦਿੱਤੇ ਗਏ ਪ੍ਰਸ਼ਨਾਂ ਦੇ ਉੱਤਰ ਦਿਓ :
ਗੁਜਰਾਤ ਦੀ ਲੜਾਈ ਦੂਸਰੇ ਐਂਗਲੋ-ਸਿੱਖ ਯੁੱਧ ਦੀ ਸਭ ਤੋਂ ਮਹੱਤਵਪੂਰਨ ਅਤੇ ਨਿਰਣਾਇਕ ਲੜਾਈ ਸਿੱਧ ਹੋਈ। ਇਸ ਲੜਾਈ ਵਿੱਚ ਚਤਰ ਸਿੰਘ ਦੇ ਸੈਨਿਕ ਸ਼ੇਰ ਸਿੰਘ ਦੇ ਸੈਨਿਕਾਂ ਨਾਲ ਆਣ ਮਿਲੇ ਸਨ। ਉਨ੍ਹਾਂ ਦੀ ਸਹਾਇਤਾ ਲਈ ਭਾਈ ਮਹਾਰਾਜ ਸਿੰਘ ਵੀ ਗੁਜਰਾਤ ਪਹੁੰਚ ਗਏ ਸਨ। ਇਸ ਤੋਂ ਇਲਾਵਾ ਅਫ਼ਗਾਨਿਸਤਾਨ ਦੇ ਬਾਦਸ਼ਾਹ ਦੋਸਤ ਮੁਹੰਮਦ ਖ਼ਾਂ ਨੇ ਵੀ ਸਿੱਖਾਂ ਦੀ ਸਹਾਇਤਾ ਲਈ ਆਪਣੇ ਪੁੱਤਰ ਅਕਰਮ ਖ਼ਾਂ ਦੀ ਅਗਵਾਈ ਹੇਠ 3,000 ਘੋੜਸਵਾਰ ਸੈਨਾ ਭੇਜੀ ਸੀ। ਇਸ ਲੜਾਈ ਵਿੱਚ ਸਿੱਖਾਂ ਦੀ ਕੁੱਲ ਫ਼ੌਜ 40,000 ਸੀ। ਦੂਜੇ ਪਾਸੇ ਅੰਗਰੇਜ਼ੀ ਸੈਨਾ ਦੀ ਅਗਵਾਈ ਅਜੇ ਵੀ ਲਾਰਡ ਹਿਊਗ ਗਫ਼ ਹੀ ਕਰ ਰਿਹਾ ਸੀ ਕਿਉਂਕਿ ਸਰ ਚਾਰਲਸ ਨੇਪੀਅਰ ਅਜੇ ਭਾਰਤ ਨਹੀਂ ਪੁੱਜਾ ਸੀ। ਅੰਗਰੇਜ਼ਾਂ ਕੋਲ 68,000 ਸੈਨਿਕ ਸਨ। ਇਸ ਲੜਾਈ ਵਿੱਚ ਦੋਹਾਂ ਪਾਸਿਆਂ ਤੋਂ ਤੋਪਾਂ ਦੀ ਕਾਫ਼ੀ ਵਰਤੋਂ ਕੀਤੀ ਗਈ ਸੀ ਜਿਸ ਕਾਰਨ ਇਹ ਲੜਾਈ ਇਤਿਹਾਸ ਵਿੱਚ ‘ਤੋਪਾਂ ਦੀ ਲੜਾਈ’ ਦੇ ਨਾਂ ਨਾਲ ਪ੍ਰਸਿੱਧ ਹੈ। ਇਹ ਲੜਾਈ 21 ਫ਼ਰਵਰੀ, 1849 ਈ. ਨੂੰ ਸਵੇਰੇ 7.30 ਵਜੇ ਸ਼ੁਰੂ ਹੋਈ। ਸਿੱਖਾਂ ਦੀਆਂ ਤੋਪਾਂ ਦਾ ਬਾਰੂਦ ਛੇਤੀ ਮੁੱਕ ਗਿਆ। ਜਦੋਂ ਅੰਗਰੇਜ਼ਾਂ ਨੂੰ ਇਸ ਬਾਰੇ ਪਤਾ ਲੱਗਿਆ ਤਾਂ ਉਨ੍ਹਾਂ ਨੇ ਆਪਣੀਆਂ ਤੋਪਾਂ ਨਾਲ ਸਿੱਖ ਸੈਨਾ ‘ਤੇ ਜ਼ਬਰਦਸਤ ਹਮਲਾ ਕਰ ਦਿੱਤਾ। ਸਿੱਖ ਸੈਨਿਕਾਂ ਨੇ ਆਪਣੀਆਂ ਤਲਵਾਰਾਂ ਕੱਢ ਲਈਆਂ ਪਰ ਉਹ ਤੋਪਾਂ ਦਾ ਮੁਕਾਬਲਾ ਕਿੰਨਾ ਕੁ ਚਿਰ ਕਰਦੇ। ਇਸ ਲੜਾਈ ਵਿੱਚ ਸਿੱਖ ਸੈਨਾ ਦਾ ਭਾਰੀ ਨੁਕਸਾਨ ਹੋਇਆ।
ਪ੍ਰਸ਼ਨ 1. ਗੁਜਰਾਤ ਦੀ ਲੜਾਈ ਕਦੋਂ ਲੜੀ ਗਈ ਸੀ?
ਪ੍ਰਸ਼ਨ 2. ਗੁਜਰਾਤ ਦੀ ਲੜਾਈ ਵਿੱਚ ਅੰਗਰੇਜ਼ੀ ਸੈਨਾ ਦੀ ਅਗਵਾਈ ਕੌਣ ਕਰ ਰਿਹਾ ਸੀ?
ਪ੍ਰਸ਼ਨ 3. ਗੁਜਰਾਤ ਦੀ ਲੜਾਈ ਨੂੰ ਤੋਪਾਂ ਦੀ ਲੜਾਈ ਕਿਉਂ ਕਿਹਾ ਜਾਂਦਾ ਸੀ?
ਪ੍ਰਸ਼ਨ 4. ਗੁਜਰਾਤ ਦੀ ਲੜਾਈ ਵਿੱਚ ਕੌਣ ਜੇਤੂ ਰਿਹਾ? ਇਸ ਜਿੱਤ ਦਾ ਕੀ ਸਿੱਟਾ ਨਿਕਲਿਆ?