CBSEEducationHistoryHistory of Punjab

ਪ੍ਰਸ਼ਨ. ਗੁਰੂ ਗੋਬਿੰਦ ਸਿੰਘ ਜੀ ਦੀਆਂ ਕਿਸੇ ਛੇ ਲੜਾਈਆਂ ਦਾ ਸੰਖੇਪ ਵਰਣਨ ਕਰੋ।

ਉੱਤਰ : 1. ਭੰਗਾਣੀ ਦੀ ਲੜਾਈ 1688 ਈ. : 22 ਸਤੰਬਰ, 1688 ਈ. ਵਾਲੇ ਦਿਨ ਭੰਗਾਣੀ ਵਿਖੇ ਗੁਰੂ ਗੋਬਿੰਦ ਸਿੰਘ ਜੀ ਦੀ ਫ਼ੌਜ ‘ਤੇ ਪਹਾੜੀ ਰਾਜਿਆਂ ਨੇ ਹਮਲਾ ਕਰ ਦਿੱਤਾ। ਇਸ ਲੜਾਈ ਵਿੱਚ ਸਢੌਰਾ ਦੇ ਪੀਰ ਬੁੱਧੂ ਸ਼ਾਹ ਨੇ ਆਪਣੇ ਸੈਨਿਕਾਂ ਸਮੇਤ ਗੁਰੂ ਜੀ ਦਾ ਸਾਥ ਦਿੱਤਾ। ਸਿੱਖਾਂ ਦੇ ਜੋਸ਼ ਅੱਗੇ ਪਹਾੜੀ ਰਾਜੇ ਨਾ ਟਿਕ ਸਕੇ। ਉਹ ਮੈਦਾਨ ਛੱਡ ਕੇ ਭੱਜਣ ਲਈ ਮਜਬੂਰ ਹੋ ਗਏ। ਇਸ ਸ਼ਾਨਦਾਰ ਜਿੱਤ ਨਾਲ ਸਿੱਖਾਂ ਦੇ ਹੌਂਸਲੇ ਬਹੁਤ ਵੱਧ ਗਏ।

2. ਨਾਦੌਣ ਦੀ ਲੜਾਈ 1690 ਈ. : ਭੰਗਾਣੀ ਦੀ ਲੜਾਈ ਵਿੱਚ ਹਾਰਨ ਤੋਂ ਬਾਅਦ ਪਹਾੜੀ ਰਾਜਿਆਂ ਨੇ ਗੁਰੂ ਗੋਬਿੰਦ ਸਿੰਘ ਜੀ ਨਾਲ ਮਿੱਤਰਤਾ ਕਰ ਲਈ। ਉਨ੍ਹਾਂ ਨੇ ਮੁਗ਼ਲਾਂ ਨੂੰ ਸਾਲਾਨਾ ਖਿਰਾਜ (ਕਰ) ਭੇਜਣਾ ਬੰਦ ਕਰ ਦਿੱਤਾ। ਇਸ ਕਾਰਨ ਆਲਿਫ਼ ਖ਼ਾਂ ਦੇ ਅਧੀਨ ਇੱਕ ਫ਼ੌਜ ਪਹਾੜੀ ਰਾਜਿਆਂ ਦੇ ਵਿਰੁੱਧ ਭੇਜੀ ਗਈ। ਉਸ ਨੇ 20 ਮਾਰਚ, 1690 ਈ. ਨੂੰ ਪਹਾੜੀ ਰਾਜਿਆਂ ਦੇ ਨੇਤਾ ਭੀਮ ਚੰਦ ਦੀ ਸੈਨਾ ‘ਤੇ ਨਾਦੌਨ ਵਿਖੇ ਹਮਲਾ ਕਰ ਦਿੱਤਾ। ਇਸ ਲੜਾਈ ਵਿੱਚ ਗੁਰੂ ਗੋਬਿੰਦ ਸਿੰਘ ਜੀ ਨੇ ਭੀਮ ਚੰਦ ਦਾ ਸਾਥ ਦਿੱਤਾ। ਇਸ ਸਾਂਝੀ ਫ਼ੌਜ ਨੇ ਮੁਗ਼ਲ ਫ਼ੌਜ ਨੂੰ ਹਰਾ ਦਿੱਤਾ।

3. ਸ੍ਰੀ ਆਨੰਦਪੁਰ ਸਾਹਿਬ ਦੀ ਪਹਿਲੀ ਲੜਾਈ 1701 ਈ. : 1699 ਈ. ਵਿੱਚ ਖ਼ਾਲਸਾ ਪੰਥ ਦੀ ਸਿਰਜਨਾ ਦੇ ਸਿੱਟੇ ਵਜੋਂ ਵੱਡੀ ਗਿਣਤੀ ਵਿੱਚ ਲੋਕ ਸਿੱਖ ਪੰਥ ਵਿੱਚ ਸ਼ਾਮਲ ਹੋਣ ਲੱਗੇ। ਗੁਰੂ ਜੀ ਦੀ ਇਸ ਵਧਦੀ ਹੋਈ ਸ਼ਕਤੀ ਨੂੰ ਵੇਖ ਕੇ ਕਹਿਲੂਰ ਦੇ ਰਾਜਾ ਭੀਮ ਚੰਦ ਨੇ ਗੁਰੂ ਜੀ ਨੂੰ ਸ੍ਰੀ ਆਨੰਦਪੁਰ ਸਾਹਿਬ ਦਾ ਕਿਲ੍ਹਾ ਖ਼ਾਲੀ ਕਰਨ ਲਈ ਕਿਹਾ। ਗੁਰੂ ਜੀ ਦੇ ਇਨਕਾਰ ਕਰਨ ‘ਤੇ ਭੀਮ ਚੰਦ ਅਤੇ ਉਸ ਦੇ ਸਾਥੀ ਪਹਾੜੀ ਰਾਜਿਆਂ ਨੇ 1701 ਈ. ਵਿੱਚ ਸ੍ਰੀ ਆਨੰਦਪੁਰ ਸਾਹਿਬ ਦੇ ਕਿਲ੍ਹੇ ਉੱਤੇ ਹਮਲਾ ਕਰ ਦਿੱਤਾ। ਪਰ ਸਫਲਤਾ ਨਾ ਮਿਲਣ ਕਾਰਨ ਪਹਾੜੀ ਰਾਜਿਆਂ ਨੇ ਗੁਰੂ ਜੀ ਨਾਲ ਸੰਧੀ ਕਰ ਲਈ।

4. ਸ੍ਰੀ ਆਨੰਦਪੁਰ ਸਾਹਿਬ ਦੀ ਦੂਜੀ ਲੜਾਈ 1704 ਈ. : ਪਹਾੜੀ ਰਾਜੇ ਗੁਰੂ ਗੋਬਿੰਦ ਸਿੰਘ ਜੀ ਤੋਂ ਆਪਣੀ ਹਾਰ ਦੇ ਅਪਮਾਨ ਦਾ ਬਦਲਾ ਲੈਣਾ ਚਾਹੁੰਦੇ ਸਨ। ਇਸ ਉਦੇਸ਼ ਨਾਲ ਉਨ੍ਹਾਂ ਨੇ ਮੁਗ਼ਲ ਫ਼ੌਜਾਂ ਨਾਲ ਮਿਲ ਕੇ 1704 ਈ. ਵਿੱਚ ਸ੍ਰੀ ਆਨੰਦਪੁਰ ਸਾਹਿਬ ਦੇ ਕਿਲ੍ਹੇ ‘ਤੇ ਦੂਸਰੀ ਵਾਰ ਹਮਲਾ ਕਰ ਦਿੱਤਾ। ਸਿੱਖਾਂ ਨੇ ਕਿਲ੍ਹੇ ਦੇ ਅੰਦਰੋਂ ਇਸ ਫ਼ੌਜ ਦਾ ਡਟ ਕੇ ਮੁਕਾਬਲਾ ਕੀਤਾ। ਸਫ਼ਲਤਾ ਨਾ ਮਿਲਦੀ ਵੇਖ ਕੇ ਸ਼ਾਹੀ ਫ਼ੌਜਾਂ ਨੇ ਇੱਕ ਚਾਲ ਚੱਲੀ। ਉਨ੍ਹਾਂ ਨੇ ਝੂਠੀਆਂ ਕਸਮਾਂ ਖਾ ਕੇ ਗੁਰੂ ਜੀ ਨੂੰ ਇਹ ਕਿਹਾ ਕਿ ਜੇਕਰ ਉਹ ਕਿਲ੍ਹਾ ਛੱਡ ਦੇਣ ਤਾਂ ਉਨ੍ਹਾਂ ਨੂੰ ਕੁਝ ਨਹੀਂ ਕਿਹਾ ਜਾਵੇਗਾ। ਇਸ ਲਈ ਗੁਰੂ ਜੀ ਨੇ ਮਾਤਾ ਗੁਜਰੀ ਜੀ ਅਤੇ ਹੋਰਨਾਂ ਸਿੱਖਾਂ ਦੀ ਬੇਨਤੀ ‘ਤੇ ਕਿਲ੍ਹਾ ਛੱਡਣ ਦਾ ਫੈਸਲਾ ਕੀਤਾ।

5. ਚਮਕੌਰ ਸਾਹਿਬ ਦੀ ਲੜਾਈ 1704 ਈ. : ਗੁਰੂ ਗੋਬਿੰਦ ਸਿੰਘ ਜੀ ਆਪਣੇ 40 ਸਿੱਖਾਂ ਨਾਲ ਚਮਕੌਰ ਸਾਹਿਬ ਦੀ ਗੜ੍ਹੀ ਵਿੱਚ ਪਹੁੰਚੇ। ਇੱਥੇ ਪਹੁੰਚਦੇ ਹੀ ਮੁਗ਼ਲ ਸੈਨਾ ਨੇ ਉਨ੍ਹਾਂ ਨੂੰ ਘੇਰਾ ਪਾ ਲਿਆ। ਇੱਥੇ ਬੜੀ ਘਮਸਾਨ ਦੀ ਲੜਾਈ ਹੋਈ। ਇਸ ਲੜਾਈ ਵਿੱਚ ਗੁਰੂ ਗੋਬਿੰਦ ਸਿੰਘ ਜੀ ਦੇ ਦੋ ਵੱਡੇ ਸਾਹਿਬਜ਼ਾਦਿਆਂ-ਸਾਹਿਬਜ਼ਾਦਾ ਅਜੀਤ ਸਿੰਘ ਜੀ ਅਤੇ ਸਾਹਿਬਜ਼ਾਦਾ ਜੁਝਾਰ ਸਿੰਘ ਜੀ ਨੇ ਬਹਾਦਰੀ ਦੇ ਉਹ ਜੌਹਰ ਵਿਖਾਏ ਕਿ ਮੁਗ਼ਲ ਹੈਰਾਨ ਰਹਿ ਗਏ। ਉਹ ਅੰਤ ਲੜਦੇ-ਲੜਦੇ ਸ਼ਹੀਦ ਹੋ ਗਏ।

6. ਖਿਦਰਾਣਾ ਦੀ ਲੜਾਈ 1705 ਈ. : 29 ਦਸੰਬਰ, 1705 ਈ. ਨੂੰ ਸਰਹਿੰਦ ਦੇ ਮੁਗ਼ਲ ਫ਼ੌਜਦਾਰ ਵਜ਼ੀਰ ਖ਼ਾਂ ਨੇ ਇੱਕ ਵੱਡੀ ਫ਼ੌਜ ਨਾਲ ਖਿਦਰਾਣਾ ਵਿਖੇ ਗੁਰੂ ਗੋਬਿੰਦ ਸਿੰਘ ਜੀ ਦੀ ਫ਼ੌਜ ਉੱਤੇ ਹਮਲਾ ਕਰ ਦਿੱਤਾ। ਇਸ ਲੜਾਈ ਵਿੱਚ ਸਿੱਖਾਂ ਨੇ ਮੁਗ਼ਲ ਫ਼ੌਜਾਂ ਨੂੰ ਕਰਾਰੀ ਹਾਰ ਦਿੱਤੀ। ਇਸ ਲੜਾਈ ਵਿੱਚ ਉਨ੍ਹਾਂ 40 ਸਿੱਖਾਂ ਨੇ ਜੋ ਸ੍ਰੀ ਆਨੰਦਪੁਰ ਸਾਹਿਬ ਦੀ ਦੂਜੀ ਲੜਾਈ ਵਿੱਚ ਗੁਰੂ ਜੀ ਦਾ ਸਾਥ ਛੱਡ ਗਏ ਸਨ, ਨੇ ਸ਼ਹੀਦੀਆਂ ਪ੍ਰਾਪਤ ਕੀਤੀਆਂ। ਇਸ ਕਾਰਨ ਗੁਰੂ ਜੀ ਨੇ ਉਨ੍ਹਾਂ ਨੂੰ ਮੁਕਤੀ ਦਾ ਵਰ ਦਿੱਤਾ। ਸਿੱਟੇ ਵਜੋਂ ਖਿਦਰਾਣਾ ਦਾ ਨਾਂ ਸ੍ਰੀ ਮੁਕਤਸਰ ਸਾਹਿਬ ਪੈ ਗਿਆ।